ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਲਈ ਸਕਾਰਾਤਮਕ ਅਤੇ ਸਹਾਇਕ ਮਾਹੌਲ ਪੈਦਾ ਕਰਨ ਲਈ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਦਰਅਸਲ ਵਪਾਰੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੇ ਮੱਦੇਨਜ਼ਰ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਕਮਿਸ਼ਨਰ ਨੂੰ ਇਹ ਯਕੀਨੀ ਬਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਕਿ ਕਰ ਵਿਭਾਗ ਦਾ ਕੋਈ ਵੀ ਅਧਿਕਾਰੀ ਕਿਸੇ ਵੀ ਵਪਾਰੀ ਜਾਂ ਕਾਰੋਬਾਰੀ ਨੂੰ ਪਰੇਸ਼ਾਨ ਨਾ ਕਰੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਰਿਪੋਰਟਾਂ ਮਿਲੀਆਂ ਹਨ ਕਿ ਜੀਐਸਟੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਇਨ੍ਹਾਂ ਰਿਪੋਰਟਾਂ ‘ਤੇ ਤੁਰੰਤ ਕਾਰਵਾਈ ਕਰਦਿਆਂ ਜੀਐਸਟੀ ਕਮਿਸ਼ਨਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਿਉਹਾਰ ਸਾਰਿਆਂ ਲਈ ਖੁਸ਼ੀ ਨਾਲ ਮਨਾਉਣ ਦਾ ਸਮਾਂ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਛਾਪੇਮਾਰੀ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਸਹੂਲਤ ਦਿੰਦੇ ਹੋਏ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰਾਜ ਕਰ ਵਿਭਾਗ ਦੇ ਇੰਸਪੈਕਟਰਾਂ ਜਾਂ ਹੋਰ ਅਧਿਕਾਰੀਆਂ ਵੱਲੋਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਅਜਿਹੀਆਂ ਘਟਨਾਵਾਂ ਦੀ ਸੂਚਨਾ ਉਨ੍ਹਾਂ ਦੇ ਦਫ਼ਤਰ ਨੂੰ ਦੇਣ ਜਾਂ ਅਜਿਹੀਆਂ ਸ਼ਿਕਾਇਤਾਂ 0175-2921005 ਜਾਂ 2225192 ‘ਤੇ ਕਾਲ ਕਰਕੇ ਦਰਜ ਕਰਵਾਉਣ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੇ ਨਾਲ ਹਮੇਸ਼ਾ ਖੜ੍ਹੀ ਰਹੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।