ਲੋਕ ਸਭਾ ਚੋਣਾਂ ਦੇ ਚੱਲਦੇ ਚੋਣ ਪ੍ਰਚਾਰ ਲਈ ਭਾਜਪਾ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਨਰਿੰਦਰ ਮੋਦੀ ਅੱਜ ਪੰਜਾਬ ਦਾ ਦੌਰਾ ਕਰਨਗੇ ਅਤੇ ਪਟਿਆਲਾ ਵਿੱਚ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਹ ਹੈਲੀਕਾਪਟਰ ਰਾਹੀਂ ਕੁੱਝ ਹੀ ਸਮੇਂ ’ਚ ਪਟਿਆਲਾ ਪਹੁੰਚ ਰਹੇ ਹਨ।
ਇਸ ਦੇ ਨਾਲ ਹੀ ਪੀਐੱਮ ਮੋਦੀ ਦੀ ਅਗਵਾਈ ਨੂੰ ਲੈ ਕੇ ਕਿਸਾਨਾਂ ਨੇ ਪਟਿਆਲਾ ਰਾਜਪੁਰਾ ਹਾਈਵੇਅ ਜਾਮ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇ। ਫਿਲਹਾਲ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਧਰਨੇ ਕਰਾਨ ਆਵਾਜਾਈ ਡਾਇਵਰਟ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਰੈਲ੍ਹੀ ’ਚ ਸ਼ਾਮਲ ਨਹੀਂ ਹੋ ਪਾਉਣਗੇ ਕਿਉਂਕਿ ਉਨ੍ਹਾਂ ਸਿਹਤ ਠੀਕ ਨਹੀਂ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਭਾਂਬਰੀ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ 14 ਮਈ ਤੋਂ ਬਿਮਾਰ ਹਨ ਅਤੇ ਦਿੱਲੀ ਵਿੱਚ ਆਪਣੇ ਘਰ ਵਿੱਚ ਆਰਾਮ ਕਰ ਰਹੇ ਹਨ, ਗੈਰ-ਹਾਜ਼ਰੀ ਦੀ ਸੂਚਨਾ ਪਹਿਲਾਂ ਤੋਂ ਹੀ ਪ੍ਰਧਾਨ ਮੰਤਰੀ ਦਫ਼ਤਰ ਨੂੰ ਦੇ ਦਿੱਤੀ ਗਈ ਸੀ।
ਦੂਜੇ ਪਾਸੇ ਕਿਸਾਨਾਂ ਦੇ ਹਾਈਵੇ ਰੋਕਣ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸੇ ’ਤੇ ਗੱਲਬਾਤ ਕਰਦਿਆਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਸੰਭਵ ਹੈ ਕਿ ਲੋਕਾਂ ਨੂੰ ਰੈਲ੍ਹੀ ਵਾਲੀ ਥਾਂ ‘ਤੇ ਪਹੁੰਚਣ ‘ਚ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ ਪਰ ਲੋਕ ਪ੍ਰਧਾਨ ਮੰਤਰੀ ਦੀ ਫਤਿਹ ਰੈਲੀ ’ਚ ਹਿੱਸਾ ਲੈ ਕੇ ਇਸਨੂੰ ਇਤਿਹਾਸਕ ਬਣਾ ਕੇ ਦੇਸ਼ ਭਰ ਵਿੱਚ ਸਾਡੀ ਏਕਤਾ ਅਤੇ ਅਖੰਡਤਾ ਦਾ ਸੁਨੇਹਾ ਦੇਣਗੇ।