ਨੈਸ਼ਨਲ ਡੈਸਕ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦ ਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਅਮਰੀਕੀ ਟੈਰਿਫ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ‘ਦਬਾਅ ਵਾਲੀ ਰਣਨੀਤੀ’ ਦੇ ਵਿਰੁੱਧ ਰਾਸ਼ਟਰੀ ਹਿੱਤ ਵਿਚ ਕੇਂਦਰ ਸਰਕਾਰ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ। ਪਵਾਰ ਨੇ ਨਾਗਪੁਰ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਵਸਤੂਆਂ ’ਤੇ 50 ਫੀਸਦੀ ਟੈਰਿਫ ਲਗਾਉਣਾ ਦਬਾਅ ਬਣਾਉਣ ਦੀ ਇਕ ਰਣਨੀਤੀ ਹੈ। ਸਾਨੂੰ ਭਾਰਤ ਦੇ ਲੋਕਾਂ ਨੂੰ ਦੇਸ਼ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਦੀ ਹਮਾਇਤ ਕਰਨੀ ਚਾਹੀਦੀ ਹੈ।
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ’ਤੇ ਅਟਕਲਾਂ ਨਹੀਂ ਲਗਾਉਣਾ ਚਾਹੁੰਦੇ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਫੇਲ੍ਹ ਹੋ ਗਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਕਾਰਜਕਾਲ ਵਿਚ ਵੀ ਅਮਰੀਕੀ ਰਾਸ਼ਟਰਪਤੀ ਵਜੋਂ ਟਰੰਪ ਦੀ ਕਾਰਜਸ਼ੈਲੀ ਦੇਖੀ ਸੀ। ਮੈਨੂੰ ਲੱਗਦਾ ਹੈ ਕਿ ਉਸ ’ਤੇ ਕਿਸੇ ਦਾ ਕੰਟਰੋਲ ਨਹੀਂ ਹੈ। ਜੋ ਵੀ ਉਸ ਦੇ ਦਿਲ ਵਿਚ ਆਉਂਦਾ ਹੈ, ਉਹ ਭਾਵੁਕ ਹੋ ਕੇ ਬੋਲਦਾ ਹੈ। ਸ਼ਰਦ ਪਵਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਅਤੇ ਗੁਆਂਢੀ ਦੇਸ਼ਾਂ ਵਿਚਕਾਰ ਵਧਦੀ ਦੂਰੀ ਦੇ ਸੰਕੇਤਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।