ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ’ਚ ਕਰੈਕ ਅਕੈਡਮੀ ਆਪਣੇ ਚੌਥੇ ਕਰੀਅਰ ਕਾਉਂਸਲਿੰਗ ਸੈਸ਼ਨ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਕਰੀਅਰ ਸਬੰਧੀ ਮਹੱਤਵਪੂਰਨ ਜਾਣਕਾਰੀ ਅਤੇ ਮਾਹਿਰਾਂ ਦੀ ਸਲਾਹ ਦਿੱਤੀ ਗਈ।
ਸੈਸ਼ਨ ਦੀ ਸ਼ੁਰੂਆਤ ਵਿੱਚ, ਕਰੈਕ ਅਕੈਡਮੀ ਦੇ ਸਹਿ-ਸੰਸਥਾਪਕ, ਰਿਸ਼ੀ ਭਾਰਗਵ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ‘ਤੇ ਧਿਆਨ ਕੇਂਦ੍ਰਿਤ ਕਰਨ ਅਤੇ ਉਨ੍ਹਾਂ ਦੀ ਅਸਲ ਰੁਚੀ ਅਨੁਸਾਰ ਕਰੀਅਰ ਚੁਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੇਕਰ ਵਿਦਿਆਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੀ ਯੋਜਨਾ ਬਣਾ ਰਹੇ ਹਨ, ਤਾਂ ਗ੍ਰੈਜੂਏਸ਼ਨ ਤੋਂ ਬਾਅਦ ਇਸ ਨੂੰ ਕਰਨ ਬਾਰੇ ਵਿਚਾਰ ਕਰੋ, ਜਿਸ ਨਾਲ ਨੌਕਰੀ ਦੇ ਬਿਹਤਰ ਮੌਕੇ ਪੈਦਾ ਹੋ ਸਕਦੇ ਹਨ।
ਇਸ ਤੋਂ ਇਲਾਵਾ ਏਡੀਸੀ ਮੋਗਾ ਚਾਰੁਮਿਤਾ ਨੇ ਵੀ ਇਸ ਸਮਾਗਮ ਵਿੱਚ ਭਾਗ ਲਿਆ ਅਤੇ ਸਥਾਨਕ ਪੱਧਰ ’ਤੇ ਉਪਲੱਬਧ ਕਰੀਅਰ ਵਿਕਲਪਾਂ ’ਤੇ ਜ਼ੋਰ ਦਿੱਤ। ਉਨ੍ਹਾਂ ਕਿਹਾ ਕਿ ਪਹਿਲਾਂ ਵਿਦੇਸ਼ ਜਾਣਾ ਹੀ ਆਖਰੀ ਵਿਕਲਪ ਮੰਨਿਆ ਜਾਂਦਾ ਸੀ ਪਰ ਹੁਣ ਇਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਦੇਸ਼ ਵਿੱਚ ਮੌਜੂਦ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਬਾਅਦ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਸਮਾਗਮ ਦੇ ਆਯੋਜਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਖਿਆ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਵੱਲ ਵਧਣ ਵਿੱਚ ਸਹਾਈ ਹੁੰਦੇ ਹਨ। ਇਸ ਮੌਕੇ ਬੱਚਿਆਂ ਵੱਲੋਂ ਵੀ ਅਕੈਡਮੀ ਦੇ ਇਸ ਉਪਰਾਲੇ ਦਾ ਧੰਨਵਾਦ ਕੀਤਾ ਗਿਆ। 10ਵੀਂ ਜਮਾਤ ਦੀ ਵਿਦਿਆਰਥਣ ਨਵਿਆ ਸਹਿਗਲ ਨੇ ਕਿਹਾ ਕਿ ਇਹ ਕਰੀਅਰ ਕਾਊਂਸਲਿੰਗ ਸੈਸ਼ਨ ਸਾਡੇ ਲਈ ਬਹੁਤ ਲਾਹੇਵੰਦ ਹਨ ਅਤੇ ਅਸੀਂ ਚਾਹੁੰਦੇ ਹਾਂ ਕਿ ਭਵਿੱਖ ਵਿੱਚ ਅਜਿਹੇ ਹੋਰ ਸੈਸ਼ਨ ਆਯੋਜਿਤ ਕੀਤੇ ਜਾਣ।