ਪਟਿਆਲਾ/ਸਨੌਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਡਾਇਰੈਕਟਰ (ਪ੍ਰਸ਼ਾਸਨ) ਜਸਬੀਰ ਸਿੰਘ ਸੂਰ ਸਿੰਘ ਨੇ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ। ਇਸ ’ਚ ਵੱਖ-ਵੱਖ ਜ਼ੋਨਾਂ ’ਚ ਤਰਸ ਦੇ ਆਧਾਰ ’ਤੇ ਪੈਂਡਿੰਗ ਨੌਕਰੀਆਂ ਦੇ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ’ਚ ਸਾਰੇ ਜ਼ੋਨਾਂ ਦੇ ਮੁੱਖ ਦਫਤਰਾਂ ਦੇ ਸੀਨੀਅਰ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦਾ ਮੁੱਖ ਮਕਸਦ ਪ੍ਰਕਿਰਿਆ ਨੂੰ ਤੇਜ਼ ਕਰਨਾ ਅਤੇ ਯੋਗ ਬਿਨੈਕਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਸੀ। ਮੀਟਿੰਗ ਦੌਰਾਨ ਡਾਇਰੈਕਟਰ ਸੂਰ ਸਿੰਘ ਨੇ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਰਾਹਤ ਦੇਣ ’ਚ ਤਰਸ ਦੇ ਆਧਾਰ ’ਤੇ ਨੌਕਰੀਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਇਨ੍ਹਾਂ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕਾਫੀ ਗਿਣਤੀ ’ਚ ਅਸਾਮੀਆਂ ਖਾਲੀ ਹਨ, ਜਿਨ੍ਹਾਂ ਨੂੰ ਯੋਗ ਬਿਨੈਕਾਰਾਂ ਦੀ ਸਹਾਇਤਾ ਲਈ ਤੁਰੰਤ ਭਰਿਆ ਜਾ ਸਕਦਾ ਹੈ।
ਉਨ੍ਹਾਂ ਖਾਸ ਤੌਰ ’ਤੇ ਮਨੁੱਖੀ ਸਰੋਤ (ਐੱਚ. ਆਰ.) ਵਿਭਾਗ ਨੂੰ ਪੈਂਡਿੰਗ ਮਾਮਲਿਆਂ ਨੂੰ ਖ਼ਤਮ ਕਰਨ ਲਈ ਤੇਜ਼ੀ ਨਾਲ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਰਸ ਦੇ ਆਧਾਰ ’ਤੇ ਨੌਕਰੀਆਂ ਦੀ ਮੰਗ ਕਰਨ ਵਾਲੇ ਬਿਨੈਕਾਰਾਂ ਨੇ ਮੁਸ਼ਕਿਲ ਸਮਿਆਂ ’ਚ ਬਹੁਤ ਹਿੰਮਤ ਦਿਖਾਈ ਹੈ। ਇਹ ਸਾਡਾ ਫਰਜ਼ ਹੈ ਕਿ ਅਸੀਂ ਉਨ੍ਹਾਂ ਦੇ ਕੇਸਾਂ ’ਤੇ ਕੁਸ਼ਲਤਾ ਨਾਲ ਕੰਮ ਕਰੀਏ ਅਤੇ ਉਨ੍ਹਾਂ ਨੂੰ ਉਹ ਮੌਕੇ ਮਿਲਣ ਜਿਨ੍ਹਾਂ ਦੇ ਉਹ ਹੱਕਦਾਰ ਹਨ। ਜਵਾਬਦੇਹੀ ਅਤੇ ਕੰਮ ’ਚ ਤੇਜ਼ੀ ਲਿਆਉਣ ਲਈ ਡਾਇਰੈਕਟਰ ਸੂਰ ਸਿੰਘ ਨੇ ਐਲਾਨ ਕੀਤਾ ਕਿ ਉਹ ਇਨ੍ਹਾਂ ਮਾਮਲਿਆਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪ੍ਰਵਾਹੀ ਤੋਂ ਬਚਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਲੋੜ ਪੈਣ ’ਤੇ ਸਖਤ ਜਵਾਬਦੇਹੀ ਲਾਗੂ ਕੀਤੀ ਜਾਵੇਗੀ।