ਅਜਨਾਲਾ- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਮਾਝੇ ਦੇ ਟਕਸਾਲੀ ਅਕਾਲੀ ਲੀਡਰ ਡਾਕਟਰ ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚੇ। ਇਸ ਦੌਰਾਨ ਵੱਡੇ ਇਕੱਠ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਹੋਕਾ ਦਿੱਤਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਡਾਕਟਰ ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਜਿੰਨੇ ਵੀ ਪੁਰਾਣੇ ਟਕਸਾਲੀ ਅਕਾਲੀ ਲੀਡਰ ਹਨ ਉਨ੍ਹਾਂ ਸਾਰਿਆਂ ਨੂੰ ਹੀ ਆਪਣੇ ਪਰਿਵਾਰ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਮੈਂ ਕੋਈ ਮੈਂਬਰ ਪੰਚਾਇਤ ਸਰਪੰਚ ਜਾਂ ਮੁੱਖ ਮੰਤਰੀ ਨਹੀਂ ਬਣਨਾ ਸਗੋਂ ਮੈਂ ਪੰਥ ਅਤੇ ਕੌਮ ਦੀ ਸੇਵਾ ਕਰਨੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਕੁਰਬਾਨੀਆਂ ਦੇਣ ਵਾਲੇ ਤੇ ਅਕਾਲੀ ਦਲ ਨੂੰ ਖੜ੍ਹਾ ਕਰਨ ਵਾਲੇ ਜਿਹੜੇ ਪਰਿਵਾਰਾਂ ਨੂੰ ਘਰੇ ਬਿਠਾ ਦਿੱਤਾ ਹੈ, ਉਨ੍ਹਾਂ ਦੇ ਘਰ-ਘਰ ਜਾਵਾਂਗੇ ਤੇ ਆਪਣੇ ਨਾਲ ਜੋੜਾਂਗੇ। ਉੱਥੇ ਹੀ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਪਲੇਟਫਾਰਮ ‘ਤੇ ਇਸ ਦਾ ਵਿਚਾਰ ਕੀਤਾ ਜਾਵੇਗਾ ਅਤੇ ਸਾਰਿਆਂ ਦੀ ਰਾਏ ਲੈਣ ਤੋਂ ਬਾਅਦ ਹੀ ਕੋਈ ਫੈਸਲਾ ਕੀਤਾ ਜਾਵੇਗਾ । ਸਭ ਤੋਂ ਪਹਿਲਾਂ ਪਾਰਟੀ ਦਾ ਸਟਰਕਚਰ ਤਿਆਰ ਕਰਕੇ ਉਸਨੂੰ ਮਜ਼ਬੂਤ ਕੀਤਾ ਜਾਵੇਗਾ।