ਨਵੀਂ ਦਿੱਲੀ : ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਅਮਰੀਕਾ ਵੱਲੋਂ ਭਾਰਤ ‘ਤੇ ਲਗਾਈ ਗਈ ਆਯਾਤ ਡਿਊਟੀ (ਟੈਰਿਫ) ਦੇ ਪ੍ਰਭਾਵਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਅਤੇ ਅੱਗੇ ਵਧਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾਣਗੇ। ਗੋਇਲ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ, ਮਜ਼ਦੂਰਾਂ, ਉੱਦਮੀਆਂ, ਨਿਰਯਾਤਕਾਂ, ਐਮਐਸਐਮਈ ਅਤੇ ਉਦਯੋਗ ਦੇ ਸਾਰੇ ਹਿੱਸੇਦਾਰਾਂ ਦੀ ਸੁਰੱਖਿਆ ਅਤੇ ਤਰੱਕੀ ਨੂੰ ਬਹੁਤ ਮਹੱਤਵ ਦਿੰਦੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਭਾਰਤ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਵਸਤਾਂ ‘ਤੇ 25 ਫ਼ੀਸਦੀ ਵਾਧੂ ਆਯਾਤ ਡਿਊਟੀ ਅਤੇ ਜੁਰਮਾਨੇ ਦਾ ਐਲਾਨ ਕੀਤਾ।
ਗੋਇਲ ਨੇ ਸਦਨ ਵਿੱਚ ਆਪਣੇ ਬਿਆਨ ਵਿੱਚ ਅਮਰੀਕਾ ਨਾਲ ਗੱਲਬਾਤ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਦਿੱਲੀ ਅਤੇ ਵਾਸ਼ਿੰਗਟਨ ਵਿੱਚ ਆਹਮੋ-ਸਾਹਮਣੇ ਦੀਆਂ ਚਾਰ ਮੀਟਿੰਗਾਂ ਹੋਈਆਂ ਅਤੇ ਕਈ ਵਾਰ ਡਿਜੀਟਲ ਮਾਧਿਅਮ ਰਾਹੀਂ ਗੱਲ਼ਬਾਤ ਹੋਈ ਹੈ। ਉਨ੍ਹਾਂ ਕਿਹਾ, “ਅਸੀਂ ਹਾਲੀਆ ਘਟਨਾਵਾਂ ਦੇ ਪ੍ਰਭਾਵ ਦਾ ਮੁਲਾਂਕਣ ਕਰ ਰਹੇ ਹਾਂ। ਵਣਜ ਅਤੇ ਉਦਯੋਗ ਮੰਤਰਾਲਾ ਸਾਰੇ ਹਿੱਸੇਦਾਰਾਂ ਨਾਲ ਗੱਲਬਾਤ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਮੁਲਾਂਕਣ ਬਾਰੇ ਜਾਣਕਾਰੀ ਲੈ ਰਿਹਾ ਹੈ।” ਗੋਇਲ ਨੇ ਕਿਹਾ, “ਸਰਕਾਰ ਸਾਡੇ ਕਿਸਾਨਾਂ, ਕਾਮਿਆਂ, ਉੱਦਮੀਆਂ, ਨਿਰਯਾਤਕਾਂ, ਐਮਐਸਐਮਈ ਅਤੇ ਉਦਯੋਗ ਦੇ ਸਾਰੇ ਹਿੱਸੇਦਾਰਾਂ ਦੀ ਸੁਰੱਖਿਆ ਅਤੇ ਤਰੱਕੀ ਨੂੰ ਸਭ ਤੋਂ ਵੱਧ ਮਹੱਤਵ ਦਿੰਦੀ ਹੈ। ਅਸੀਂ ਆਪਣੇ ਰਾਸ਼ਟਰੀ ਹਿੱਤਾਂ ਨੂੰ ਸੁਰੱਖਿਅਤ ਕਰਨ ਅਤੇ ਅੱਗੇ ਵਧਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਾਂਗੇ।”