ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਪੰਜਾਬ ਦੌਰੇ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਭਰੋਸੇਯੋਗ ਰੇਲਵੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ 13 ਜੁਲਾਈ ਨੂੰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਨਵੇਂ ਰੂਪ ਵਿੱਚ ਤਿਆਰ ਹੋਏ ਪ੍ਰੋਜੈਕਟ ਦਾ ਉਦਘਾਟਨ ਕਰਨ ਲਈ ਪੰਜਾਬ ਆ ਸਕਦੇ ਹਨ।
ਸੂਤਰਾਂ ਦਾ ਇਹ ਵੀ ਦਾਅਵਾ ਹੈ ਕਿ ਇਹ ਦੌਰਾ ਸਿਰਫ਼ ਰੇਲਵੇ ਸਟੇਸ਼ਨ ਦੇ ਉਦਘਾਟਨ ਤੱਕ ਸੀਮਿਤ ਨਹੀਂ ਰਹੇਗਾ। ਜਲੰਧਰ ਵਿੱਚ ਪ੍ਰਧਾਨ ਮੰਤਰੀ ਦੀ ਇੱਕ ਵੱਡੀ ਜਨ ਸਭਾ ਕਰਵਾਉਣ ਦੀ ਵੀ ਤਿਆਰੀ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਰੈਲੀ ਰਾਹੀਂ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰ ਸਕਦੀ ਹੈ।
ਪ੍ਰਧਾਨ ਮੰਤਰੀ ਦੇ ਸੰਭਾਵਿਤ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ, ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਅਤੇ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰਨੇ ਸ਼ੁਰੂ ਕਰ ਦਿੱਤੇ ਹਨ। ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਜਾ ਰਹੀ ਹੈ।
ਹਾਲਾਂਕਿ, ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਹੁਕਮ ਮਿਲਣ ਤੋਂ ਬਾਅਦ ਹੀ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਇਸ ਨੂੰ ਨਵੀਆਂ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ।

