ਨੈਸ਼ਨਲ : ਇਜ਼ਰਾਈਲ, ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਖਾੜੀ ਦੇਸ਼ਾਂ ਦੇ ਨੇਤਾਵਾਂ ਨਾਲ ਸੰਪਰਕ ਬਣਾਏ ਹੋਏ ਹਨ। ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ ਦੇ ਕਿੰਗ ਹਮਾਦ ਬਿਨ ਈਸਾ ਅਲ ਖਲੀਫ਼ਾ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ‘ਤੇ ਵਿਸ਼ੇਸ਼ ਗੱਲਬਾਤ ਕੀਤੀ।
ਹਮਲਿਆਂ ਦੀ ਨਿੰਦਾ ਅਤੇ ਭਾਰਤੀ ਭਾਈਚਾਰੇ ਦੀ ਸੁਰੱਖਿਆ
ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਨੇਤਾਵਾਂ ਨਾਲ ਗੱਲਬਾਤ ਦੌਰਾਨ ਖਾੜੀ ਖੇਤਰ ਵਿੱਚ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ। ਇਸ ਦੌਰਾਨ ਉਨ੍ਹਾਂ ਦੀ ਚਰਚਾ ਦਾ ਮੁੱਖ ਕੇਂਦਰ ਇਨ੍ਹਾਂ ਦੇਸ਼ਾਂ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਭਲਾਈ ਅਤੇ ਸੁਰੱਖਿਆ ਰਿਹਾ। ਦੱਸਣਯੋਗ ਹੈ ਕਿ ਇਰਾਨ ਨੇ ਜਵਾਬੀ ਕਾਰਵਾਈ ਵਿੱਚ ਇਜ਼ਰਾਈਲ ਦੇ ਨਾਲ-ਨਾਲ UAE, ਬਹਿਰੀਨ, ਕਤਰ ਅਤੇ ਕੁਵੈਤ ਵਰਗੇ ਦੇਸ਼ਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ।
ਖੇਤਰੀ ਸ਼ਾਂਤੀ ਲਈ ਭਾਰਤ ਦੀ ਅਪੀਲ
ਪੀਐਮ ਮੋਦੀ ਨੇ ਇਸ ਤੋਂ ਪਹਿਲਾਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ UAE ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਵੀ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਸਾਰੇ ਪੱਖਾਂ ਨੂੰ ਦੁਸ਼ਮਣੀ ਖਤਮ ਕਰਨ ਅਤੇ ਖੇਤਰੀ ਸ਼ਾਂਤੀ ਤੇ ਸਥਿਰਤਾ ਬਹਾਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਨੇ ਇਸ ਔਖੀ ਘੜੀ ਵਿੱਚ UAE ਨਾਲ ਇੱਕਜੁੱਟਤਾ ਪ੍ਰਗਟਾਈ ਹੈ ਅਤੇ ਉੱਥੇ ਭਾਰਤੀਆਂ ਦਾ ਖਿਆਲ ਰੱਖਣ ਲਈ ਧੰਨਵਾਦ ਵੀ ਕੀਤਾ ਹੈ।

