ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਦੀ ਭਾਲ ਲਈ 12 ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜੋ ਅੰਮ੍ਰਿਤਸਰ, ਚੰਡੀਗੜ੍ਹ ਅਤੇ ਹੋਰ ਸੰਭਾਵਿਤ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।
ਪੁਲਿਸ ਮੁਤਾਬਕ ਮਜੀਠਾ ਥਾਣੇ ਵਿੱਚ ਦਰਜ ਇਕ ਮਾਮਲੇ ਵਿੱਚ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ‘ਤੇ ਪੁਲਿਸ ਹਿਰਾਸਤ ਵਿੱਚ ਮੌਜੂਦ ਇਕ ਦੋਸ਼ੀ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਨ। ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼, ਚੰਡੀਗੜ੍ਹ ਦੇ ਐਮਐਲਏ ਹੋਸਟਲ ਅਤੇ ਹੋਰ ਠਿਕਾਣਿਆਂ ‘ਤੇ ਵੀ ਤਲਾਸ਼ੀ ਕਰ ਰਹੀ ਹੈ।
ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ 30 ਮਈ ਨੂੰ ਦਰਜ ਐਫਆਈਆਰ ਤਹਿਤ ਸੋਹੀਆਂ ਕਲਾਂ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਥਾਣੇ ਦੇ ਬਾਹਰ ਇਕੱਠੇ ਹੋ ਗਏ ਸਨ।
ਪੁਲਿਸ ਦਾ ਦਾਅਵਾ ਹੈ ਕਿ ਭੀੜ ਦਾ ਮਕਸਦ ਹਿਰਾਸਤ ਵਿੱਚ ਮੌਜੂਦ ਦੋਸ਼ੀ ਨੂੰ ਛੁਡਾਉਣਾ ਸੀ। ਅਧਿਕਾਰੀਆਂ ਅਨੁਸਾਰ ਇਸ ਦੌਰਾਨ ਬਿਕਰਮ ਮਜੀਠੀਆ ਵੀ ਮੌਕੇ ‘ਤੇ ਮੌਜੂਦ ਸਨ। ਕੁਝ ਲੋਕਾਂ ਵੱਲੋਂ ਥਾਣੇ ਦੇ ਅੰਦਰ ਦਾਖ਼ਲ ਹੋ ਕੇ ਸਰਕਾਰੀ ਰਿਕਾਰਡ ਅਤੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਵੀ ਦੋਸ਼ ਲਗਾਏ ਗਏ ਹਨ।
ਐੱਸਐੱਸਪੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸਮਝਾਉਣ ਦੇ ਬਾਵਜੂਦ ਕੁਝ ਵਿਅਕਤੀਆਂ ਨੇ ਦੋਸ਼ੀ ਨੂੰ ਕਮਰੇ ਤੋਂ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਕਰਮਚਾਰੀਆਂ ਨਾਲ ਧੱਕਾਮੁੱਕੀ ਕੀਤੀ। ਇਸ ਦੌਰਾਨ ਇਕ ਅਧਿਕਾਰੀ ਦਾ ਮੋਬਾਈਲ ਫੋਨ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ।
ਪੁਲਿਸ ਨੇ ਹਾਲਾਤਾਂ ਨੂੰ ਕਾਬੂ ਕਰਦੇ ਹੋਏ ਦੋਸ਼ੀ ਨੂੰ ਮੁੜ ਹਿਰਾਸਤ ਵਿੱਚ ਲੈ ਲਿਆ। ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹਨ।
ਪੁਲਿਸ ਮੁਤਾਬਕ ਵੀਡੀਓ ਫੁਟੇਜ ਦੇ ਆਧਾਰ ‘ਤੇ ਹੁਣ ਤੱਕ 6 ਤੋਂ 7 ਲੋਕਾਂ ਦੀ ਪਛਾਣ ਹੋ ਚੁੱਕੀ ਹੈ, ਜਦਕਿ ਮੌਕੇ ‘ਤੇ 50 ਤੋਂ ਵੱਧ ਲੋਕ ਮੌਜੂਦ ਸਨ। ਬਾਕੀ ਲੋਕਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

