ਬਠਿੰਡਾ : ਬਠਿੰਡਾ ਕੇਂਦਰੀ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਛੁੱਟੀ ‘ਤੇ ਆਏ ਮੁਲਜ਼ਮ ਨੂੰ ਪੁਲਸ ਨੇ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਜੇਲ੍ਹ ਤੋਂ ਛੁੱਟੀ ’ਤੇ ਆ ਕੇ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ ਅਤੇ ਇਸੇ ਦੌਰਾਨ ਉਸ ਨੂੰ ਪੁਲਸ ਨੇ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਸੀ. ਆਈ. ਏ.-1 ਦੀ ਟੀਮ ਨੇ ਥਾਣਾ ਕੈਂਟ ਨੇੜੇ ਰਿੰਗ ਰੋਡ ’ਤੇ ਕੀਤੀ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਕਾਰ ਨੂੰ ਰੋਕਿਆ। ਇਸ ’ਚ ਮੁਲਜ਼ਮ ਜੈਦੀਪ ਸਿੰਘ ਚੌਹਾਨ ਸਵਾਰ ਸੀ।
ਮੁਲਜ਼ਮ ਦੀ ਤਲਾਸ਼ੀ ਦੌਰਾਨ ਪੁਲਸ ਨੇ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਤਿੰਨ ਪੁਲਸ ਕੇਸ ਦਰਜ ਹਨ, ਜਿਨ੍ਹਾਂ ਵਿਚੋਂ ਇਕ ਕੇਸ ਵਿਚ ਉਹ ਉਮਰ ਕੈਦ ਦੀ ਸਜ਼ਾ ਵੀ ਕੱਟ ਰਿਹਾ ਹੈ। ਹਾਲ ਹੀ ’ਚ ਉਹ ਜੇਲ੍ਹ ਤੋਂ ਛੁੱਟੀ ’ਤੇ ਆਇਆ ਸੀ ਅਤੇ ਬਾਹਰ ਆਉਂਦੇ ਹੀ ਉਸ ਨੇ ਹੈਰੋਇਨ ਦੀ ਤਸਕਰੀ ਸ਼ੁਰੂ ਕਰ ਦਿੱਤੀ ਸੀ। ਸੂਚਨਾ ਮਿਲਣ ’ਤੇ ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਕੈਂਟ ਵਿਚ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।