ਜਲੰਧਰ/ਪਠਾਨਕੋਟ/ਚੰਡੀਗੜ੍ਹ – ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਵਿੱਚ ਡੁੱਬਿਆ ਹੋਇਆ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸਕੂਲ ਬੰਦ ਰਹਿਣਗੇ। ਇਸੇ ਤਰ੍ਹਾਂ ਜ਼ਿਲ੍ਹਾ ਜਲੰਧਰ ਵਿਚ ਜਿਹੜੇ ਸਕੂਲਾਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿਚ ਹਿੱਸਾ ਲਿਆ ਹੈ, ਉਨ੍ਹਾਂ ਸਕੂਲਾਂ ਵਿਚ ਛੁੱਟੀ ਐਲਾਨੀ ਗਈ ਹੈ। ਇਸ ਦੇ ਇਲਾਵਾ ਪਠਾਨਕੋਟ ਵਿਚ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਸਰਕਾਰੀ ਛੁੱਟੀ ਰਹੇਗੀ।
76ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਜਾਂ ਫਿਰ ਡਿਪਟੀ ਕਮਿਸ਼ਨਰ, ਜਿਨ੍ਹਾਂ ਥਾਵਾਂ ‘ਤੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ, ਉਥੇ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।