ਚੰਡੀਗੜ੍ਹ, 12 ਮਾਰਚ
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਕੰਮ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਸੀ।
ਵਿਕਾਸ ਪ੍ਰਾਜੈਕਟਾਂ ਦੇ ਅਮਲ ਵਿੱਚ ਪਾਰਦਰਸ਼ਤਾ ਦੀ ਮਹੱਤਤਾ ਉੱਤੇ ਜੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹਰੇਕ ਬੁਨਿਆਦੀ ਢਾਂਚਾ ਪ੍ਰੋਜੈਕਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਸਾਡੇ ਤੇ ਕੀਤਾ ਭਰੋਸੇ ਦੇ ਮੱਦੇਨਜ਼ਰ ਇਹ ਯਕੀਨੀ ਬਨਾਉਣਾ ਸਾਡਾ ਫਰਜ਼ ਹੈ ਕਿ ਇਹ ਪ੍ਰੋਜੈਕਟ ਪੂਰੀ ਇਮਾਨਦਾਰੀ, ਲਗਨ ਅਤੇ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ।
ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਮਜ਼ਬੂਤ ਨਿਗਰਾਨੀ ਪ੍ਰਣਾਲੀ ਨੂੰ ਲਾਗੂ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਪ੍ਰੋਜੈਕਟ ਗੁਣਵੱਤਾ ਅਤੇ ਸਮਾਂਬੱਧਤਾ ਦੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ। ਉਨ੍ਹਾਂ ਵਿਭਾਗ ਦੇ ਅੰਦਰ ਸੰਚਾਲਨ ਕੁਸ਼ਲਤਾ ਨੂੰ ਵਧਾਉਣ ਲਈ ਨਵੀਨਤਾਕਾਰੀ ਹੱਲਾਂ ਅਤੇ ਤਕਨੀਕੀ ਤਰੱਕੀ ਨੂੰ ਅਪਣਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਇਸ ਦੌਰਾਨ ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ ਨੇ ਲੋਕ ਨਿਰਮਾਣ ਮੰਤਰੀ ਨੂੰ ਸਾਰੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਦਾ ਭਰੋਸਾ ਦਿੱਤਾ। ਮੁੱਖ ਇੰਜੀਨੀਅਰ ਆਰ.ਐਸ. ਬੈਂਸ ਅਤੇ ਚੀਫ ਆਰਕੀਟੈਕਟ ਤਰੁਣ ਗਰਗ ਨੇ ਵੀ ਸੂਬੇ ਲਈ ਟਿਕਾਊ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ। ਇਸ ਦੌਰਾਨ ਸੁਪਰਡੈਂਟ ਇੰਜਨੀਅਰ ਮਨਜੀਤ ਸਿੰਘ ਅਤੇ ਪਵਨ ਕੁਮਾਰ ਨੇ ਪ੍ਰੋਜੈਕਟਾਂ ਬਾਰੇ ਵਿਸਤ੍ਰਿਤ ਰਿਪੋਰਟਾਂ ਪੇਸ਼ ਕੀਤੀਆਂ, ਜਿਸ ਵਿੱਚ ਦਰਪੇਸ਼ ਚੁਣੌਤੀਆਂ ਦੀ ਰੂਪ ਰੇਖਾ ਦੱਸਦਿਆਂ ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। ਮੀਟਿੰਗ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਸੜਕਾਂ ਦੀ ਮੁਰੰਮਤ ਅਤੇ ਉਸਾਰੀ ਤੋਂ ਲੈ ਕੇ ਜਨਤਕ ਇਮਾਰਤਾਂ ਦੇ ਕੰਮਾਂ ਤੱਕ ਦੇ ਨਾਜ਼ੁਕ ਪ੍ਰੋਜੈਕਟਾਂ ਦੀ ਸਥਿਤੀ ਬਾਰੇ ਅਪਡੇਟ ਸਾਂਝੇ ਕੀਤੇ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਾਰੇ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੇ ਵਿਕਾਸ ਨੂੰ ਹੁਲਾਰਾ ਦੇਣ ਲਈ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੀਟਿੰਗ ਦੀ ਸਮਾਪਤੀ ਕੀਤੀ। ਉਨ੍ਹਾਂ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਵਿਕਾਸ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਅਤੇ ਆਪਣੀਆਂ ਕਾਰਗੁਜਾਰੀ ਵਿੱਚ ਅਟੁੱਟ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ।