Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ, ਸੀ.ਆਰ. ਪਾਟਿਲ...

ਪੰਜਾਬ ਵਿਧਾਨ ਸਭਾ ਚੋਣਾਂ 2027: ਭਾਜਪਾ ਨੇ ਤੇਜ਼ ਕੀਤੀਆਂ ਤਿਆਰੀਆਂ, ਸੀ.ਆਰ. ਪਾਟਿਲ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਅਤੇ ਪੰਜਾਬ ਵਿੱਚ ਪਾਰਟੀ ਦੀ ਚੋਣ ਰਣਨੀਤੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਚੰਡੀਗੜ੍ਹ ਪਹੁੰਚ ਗਏ ਹਨ। ਹਵਾਈ ਅੱਡੇ ‘ਤੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਸ਼੍ਰੋਮਣੀ ਅਕਾਲੀ ਦਲ (ਸ਼ਿਅਦ) ਨਾਲ ਭਾਜਪਾ ਦੇ ਮੁੜ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਸੀ.ਆਰ. ਪਾਟਿਲ ਦਾ ਇਹ ਦੌਰਾ ਸਿਆਸੀ ਤੌਰ ‘ਤੇ ਅਹਿਮ ਮੰਨਿਆ ਜਾ ਰਿਹਾ ਹੈ। ਗਠਜੋੜ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਪਾਟਿਲ ਨੇ ਕਿਹਾ ਕਿ ਇਹ ਕੰਮ ਉਨ੍ਹਾਂ ਦਾ ਨਹੀਂ ਹੈ। ਉਨ੍ਹਾਂ ਕਿਹਾ, “ਇਸ ਮਾਮਲੇ ਨੂੰ ਸਾਡੇ ਆਗੂ ਦੇਖ ਰਹੇ ਹੋਣਗੇ। ਸਾਡੇ ਮਾਣਯੋਗ ਗ੍ਰਹਿ ਮੰਤਰੀ ਜੀ ਇਸ ਬਾਰੇ ਵਿਚਾਰ ਕਰ ਰਹੇ ਹੋਣਗੇ ਜਾਂ ਕੋਈ ਹੋਰ ਦੇਖ ਰਿਹਾ ਹੋਵੇਗਾ। ਮੈਂ ਤਾਂ ਇੱਕ ਵਰਕਰ ਹਾਂ। ਮੈਨੂੰ ਜੋ ਕੰਮ ਦਿੱਤਾ ਗਿਆ ਹੈ, ਉਹ ਮੈਂ ਕੀਤਾ ਹੈ।”

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਗਠਜੋੜ ਨੂੰ ਲੈ ਕੇ ਪਾਰਟੀ ਵੱਲੋਂ ਵੱਖ-ਵੱਖ ਸੰਕੇਤ ਕਿਉਂ ਮਿਲ ਰਹੇ ਹਨ ਤਾਂ ਉਨ੍ਹਾਂ ਜਵਾਬ ਦਿੱਤਾ, “ਤੁਹਾਡੇ ਤੋਂ ਪੁੱਛ ਕੇ ਥੋੜ੍ਹਾ ਕਰਾਂਗੇ। ਜੇਕਰ ਸਾਨੂੰ ਕਰਨਾ ਹੋਵੇਗਾ ਤਾਂ ਕਰਾਂਗੇ।”

ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਪੁੱਛੇ ਸਵਾਲ ‘ਤੇ ਪਾਟਿਲ ਨੇ ਕਿਹਾ ਕਿ ਪੰਜਾਬ ਦੇ ਪੱਤਰਕਾਰ ਅਤੇ ਲੋਕ ਸੂਬੇ ਦੀ ਸਥਿਤੀ ਨੂੰ ਉਨ੍ਹਾਂ ਨਾਲੋਂ ਵੱਧ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਕਾਨੂੰਨ ਵਿਵਸਥਾ ਤੋਂ ਬਾਹਰ ਨਿਕਲਣ ਲਈ ਛਟਪਟਾ ਰਹੇ ਹਨ।

ਆਪਣੇ ਦੌਰੇ ਦੌਰਾਨ ਸੀ.ਆਰ. ਪਾਟਿਲ ਮੋਹਾਲੀ ਦੇ ਘੜੂੰਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੇ ਸਨਮਾਨ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਉਹ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਪਾਰਟੀ ਦਫ਼ਤਰ ਵੀ ਜਾਣਗੇ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋਈਆਂ ਹਨ। ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਸਹਿਮਤੀ ਬਣ ਸਕਦੀ ਹੈ ਅਤੇ ਇਸੇ ਮਹੀਨੇ ਗਠਜੋੜ ਦਾ ਐਲਾਨ ਵੀ ਹੋ ਸਕਦਾ ਹੈ।

ਹਾਲਾਂਕਿ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਚਰਚਾਵਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਸੀ.ਆਰ. ਪਾਟਿਲ ਸਰਕਾਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਗਠਜੋੜ ਜਾਂ ਇਸ ਸਬੰਧੀ ਕਿਸੇ ਗੱਲਬਾਤ ਲਈ ਨਹੀਂ ਹੈ।