ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਨੰਗਲ ਸ਼ਹਿਰ ਪਹੁੰਚੇ ਜਿੱਥੇ ਉਨ੍ਹਾਂ ਨੇ ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਦੀ ਗੱਲ ਆਖੀ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਸੀ। ਜਿਵੇਂ ਸਮਾਂ ਬੀਤਿਆ ਅਤੇ ਸਰਕਾਰਾਂ ਬਦਲਦੀਆਂ ਗਈਆਂ ਨੰਗਲ ਸ਼ਹਿਰ ਨੇ ਆਪਣੀ ਪੁਰਾਣੀ ਦਿੱਖ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਲਈ ਨੰਗਲ ਸ਼ਹਿਰ ਦੇ ਵਿਕਾਸ ‘ਤੇ 20.50 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਵਿਕਾਸ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜੋ ਨਹਿਰੀ ਪਾਣੀ ਦੀ ਸਪਲਾਈ ਲਈ ਅਗਲੇ ਦੋ ਦਹਾਕਿਆਂ ਦੌਰਾਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ ਰੱਖਦਾ ਹੈ। ਇਸ ਤੋਂ ਇਲਾਵਾ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਸਮਰੱਥਾ ਨੂੰ ਵੀ ਵਧਾ ਕੇ ਢਾਈ ਗੁਣਾ ਕੀਤਾ ਜਾ ਰਿਹਾ ਹੈ। ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ 30 ਹਜ਼ਾਰ ਪੌਦੇ ਲਗਾਏ ਜਾ ਰਹੇ ਹਨ।
ਇਸ ਦੇ ਨਾਲ ਹੀ 5 ਕਰੋੜ ਰੁਪਏ ਨੰਗਲ ਦੇ ਸਰਕਾਰੀ ਕੰਨਿਆ ਸਕੂਲ ’ਤੇ ਖਰਚ ਹੋਣਗੇ, ਜਦੋਕਿ 4.50 ਕਰੋੜ ਨਾਲ ਸਰਕਾਰੀ ਸਕੂਲ ਲੜਕੇ ਵਿੱਚ ਸ਼ਾਨਦਾਰ ਸਵੀਮਿੰਗ ਪੂਲ ਬਣਾਇਆ ਜਾਵੇਗਾ। ਬੈਂਸ ਨੇ ਨਾਲ ਹੀ ਐਲਾਨ ਕੀਤਾ ਕਿ ਨੰਗਲ ਸ਼ਹਿਰ ਵਿੱਚ ਬਹੁਤ ਜਲਦ ਇੱਕ ਵਿਸ਼ਵ ਪੱਧਰੀ ਅਜਾਇਬ ਘਰ ਵੀ ਤਿਆਰ ਕੀਤਾ ਜਾ ਰਿਹਾ ਹੈ।