ਅੰਮ੍ਰਿਤਸਰ/ਚੋਗਾਵਾਂ -ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਹੱਦੀ ਪੱਟੀ ਵਿਚ ਸਕੂਲਾਂ ਵਿਚ ਵੱਖ-ਵੱਖ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਭਰ ਦੇ 12000 ਸਰਕਾਰੀ ਸਕੂਲਾਂ ਵਿਚ 2000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਕਰੀਬ 28 ਲੱਖ ਬੱਚੇ ਵਿੱਦਿਆ ਪ੍ਰਾਪਤ ਕਰ ਰਹੇ ਹਨ।
ਸਰਹੱਦੀ ਇਲਾਕੇ ਦੇ ਬੱਚਿਆਂ ਦੀ ਲੋੜ ਨੂੰ ਸਮਝਦੇ ਹੋਏ ਸਿੱਖਿਆ ਮੰਤਰੀ ਨੇ ਸਰਹੱਦੀ ਖੇਤਰ ਵਿਚ ਲੜਕੀਆਂ ਦਾ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ। ਸੂਬਾ ਸਰਕਾਰ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ’ਤੇ ਜ਼ੋਰ ਦੇ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਬੱਚਿਆਂ ਅਤੇ ਬੱਚਿਆਂ ਦੇ ਮਾਂ ਪਿਓ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਕਰੀਬ ਦੋ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ।
ਸਿੱਖਿਆ ਮੰਤਰੀ ਆਪਣੇ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ, ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਲੜਕੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ ਉਚੇਚੇ ਤੌਰ ’ਤੇ ਪਹੁੰਚੇ ਅਤੇ ਬੱਚਿਆਂ ਨਾਲ ਵਕਤ ਗੁਜ਼ਾਰਦੇ ਹੋਏ ਉਨ੍ਹਾਂ ਨਾਲ ਗੱਲਬਾਤ ਕੀਤੀ। ਮਹਾ ਸਿੰਘ ਗੇਟ ਵਿਖੇ ਉਨ੍ਹਾਂ ਨੇ ਸਕੂਲ ਦੇ ਕੰਮਾਂ ਲਈ ਆਪਣੇ ਅਖਤਿਆਰੀ ਖਾਤੇ ਵਿਚੋਂ 50 ਲੱਖ ਰੁਪਏ ਦੀ ਰਾਸ਼ੀ ਹੋਰ ਦੇਣ ਦਾ ਐਲਾਨ ਕੀਤਾ।