ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ।
ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਨ੍ਹਾਂ ਦੀ ਅਸਮਰਥਾ ਦੇ ਆਧਾਰ ‘ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ।