ਪੰਜਾਬ ’ਚ ਪਸ਼ੂ ਪਾਲਣ, ਡੇਅਰੀ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਲਈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਪਸ਼ੂ ਧਨ ਦੀ ਸਿਹਤ ਸੰਭਾਲ ਲਈ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ।
ਇਸ ਸੰਬੰਧੀ ਹੋਰ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ। ਗੁਰਮੀਤ ਖੁੱਡੀਆਂ ਨੇ ਅੱਜ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਪਹਿਲਾਂ 326 ਵੈਟਰਨਰੀ ਅਫਸਰਾਂ ਤੋਂ ਇਲਾਵਾ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।
ਇਸ ਦੇ ਨਾਲ ਹੀ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ
ਵਿੱਤੀ ਸਹਾਇਤਾ ਵਜੋਂ ਦਿੱਤੇ ਹਨ।
ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਲਈ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ ਮੂੰਹਖੁਰ ਦੇ 78 ਫੀਸਦ ਅਤੇ ਗਲਘੋਟੂ ਦੇ 75 ਫੀਸਦ ਪਸ਼ੂਆਂ ਨੂੰ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।