ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧਾਈਆਂ ਦਿੰਦੇ ਹੋਏ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ। ਦਰਅਸਲ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਦਾ ਯਤਨ ਕਰ ਰਹੀ ਹੈ।
ਜਾਣਕਾਰੀ ਦਿੰਦਿਆਂ ਗੁਰਮੀਤ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਝੀਂਗਾ ਪਾਲਕਾਂ ਦੀ ਸਹੂਲਤ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ’ਚ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ’ਚ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ।