ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਬਣਾਉਣ ਅਤੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਰਜਿਸਟ੍ਰੇਸ਼ਨ ਪੋਰਟਲ ਨੂੰ ਲਾਂਚ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਅਤੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ) ਸੰਸਥਾਵਾਂ ਨੂੰ ਛੇ ਮਹੀਨਿਆਂ ਦੇ ਅੰਦਰ-ਅੰਦਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਨਿੱਜੀ ਪਲੇਅ-ਵੇਅ ਸਕੂਲਾਂ ਦੀ ਆਨ-ਲਾਈਨ ਪੋਰਟਲ ਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।