ਚੰਡੀਗੜ੍ਹ, 12 ਮਾਰਚ:
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।