Tuesday, August 19, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ...

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ

 

 

ਚੰਡੀਗੜ੍ਹ, 18 ਅਗਸਤ:

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਵਿਖੇ ਪ੍ਰਸ਼ਾਸ਼ਨਿਕ ਅਤੇ ਹੋਰ ਅਹਿਮ ਸਖਸ਼ੀਅਤਾਂ ਨਾਲ ਮੀਟਿੰਗਾਂ ਮੁਕੰਮਲ ਕਰ ਲਈਆਂ ਹਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਸਮਾਗਮਾਂ ਦੀ ਯੋਜਨਾਬੰਦੀ ਅਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਨਾਮਜ਼ਦ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਬੰਧਤ ਜ਼ਿਲ੍ਹਿਆਂ ਦੇ ਵਿਧਾਇਕਾਂ, ਅਧਿਕਾਰੀਆਂ, ਕੌਂਸਲਰਾਂ, ਵਪਾਰਕ ਪ੍ਰਤੀਨਿਧੀਆਂ ਅਤੇ ਹੋਰ ਪਤਵੰਤਿਆਂ ਨਾਲ ਅਹਿਮ ਬੈਠਕਾਂ ਕੀਤੀਆਂ ਹਨ।

ਸੌਂਦ ਨੇ ਦੱਸਿਆ ਕਿ 350ਵਾਂ ਸ਼ਹੀਦੀ ਦਿਹਾੜਾ 19 ਨਵੰਬਰ ਤੋਂ 25 ਨਵੰਬਰ 2025 ਤੱਕ ਰਾਜ ਪੱਧਰੀ ਸਮਾਗਮ ਕਰਵਾ ਕੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ `ਚ 135 ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ `ਚੋਂ ਸਭ ਤੋਂ ਵਧੇਰੇ 35 ਅਸਥਾਨ ਪਟਿਆਲਾ ਜ਼ਿਲ੍ਹੇ ਅੰਦਰ ਸਥਿਤ ਹਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਕੁਰਬਾਨੀ ਵਰਗੀ ਮਿਸਾਲ ਦੁਨੀਆਂ ਵਿੱਚ ਹੋਰ ਕਿਧਰੇ ਨਹੀਂ ਮਿਲਦੀ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵੱਡੇ ਪ੍ਰੋਗਰਾਮ ਉਲੀਕ ਰਹੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਗੁਰੂ ਸਾਹਿਬ ਨਾਲ ਸਬੰਧਤ ਸਾਰੇ ਪਵਿੱਤਰ ਅਸਥਾਨਾਂ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਤੋਂ ਇਲਾਵਾ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਵੀ ਵੱਡੇ ਪੱਧਰ `ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਾਰ ਸਥਾਨਾਂ ਤੋਂ ਯਾਤਰਾਵਾਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ, ਜੋ ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਅਤੇ ਪ੍ਰਮੁੱਖ ਸ਼ਹਿਰਾਂ ਤੋਂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ।

ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ ਵਿਖੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ, ਜਿਸ ਵਿਚ ਦੇਸ਼ ਵਿਦੇਸ਼ ਤੋਂ ਪ੍ਰਮੁੱਖ ਹਸਤੀਆਂ, ਧਾਰਮਿਕ ਸਖਸ਼ੀਅਤਾਂ ਹਾਜ਼ਰੀ ਲਗਵਾਉਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਜਾਣ ਵਾਸਤੇ ਈ-ਰਿਕਸ਼ਾ ਦੇ ਪ੍ਰਬੰਧ ਹੋਣਗੇ। ਇਸ ਤੋਂ ਇਲਾਵਾ ਪੰਜਾਬ ਦੇ ਚਾਰ ਵੱਡੇ ਸ਼ਹਿਰਾਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਬਕਾਲਾ ਅਤੇ ਪਟਿਆਲਾ ਨੂੰ ਪੂਰੀ ਤਰ੍ਹਾਂ ਲਾਈਟਾਂ ਨਾਲ ਸਜਾਇਆ ਜਾਵੇਗਾ।