ਚੰਡੀਗੜ੍ਹ/ਜਲੰਧਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ 11ਵੀਂ ਅਤੇ 12ਵੀਂ ਜਮਾਤ ਤੋਂ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਸਿਖਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਕਿਉਂਕਿ ਹੁਣ ਆਉਣ ਵਾਲਾ ਸਮਾਂ ਏ. ਆਈ. ਦਾ ਹੈ। ਮੁੱਖ ਮੰਤਰੀ ਬੀਤੇ ਦਿਨ ਜੇ. ਈ. ਈ. ਐਡਵਾਂਸ 2025 ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਕਰਵਾਏ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ’ਤੇ ਉਨ੍ਹਾਂ ਨੇ ਜੇ. ਈ. ਈ. ਐਡਵਾਂਸ 2025 ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸਰਕਾਰੀ ਸਕੂਲਾਂ ਦੇ ਜੇ. ਈ. ਈ. ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਦੇ ਸਨਮਾਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ’ਚ ਸਫ਼ਲ ਹੋਣ ਲਈ ਇਕ ਅਨੋਖਾ ਜਜ਼ਬਾ ਹੈ। ‘ਸਿੱਖਿਆ ਕ੍ਰਾਂਤੀ’ ਨੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਹੈ। ਸੂਬੇ ਦੇ ਵਿਦਿਆਰਥੀ ਹੁਣ ਆਏ ਦਿਨ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਿਆਂ ਸੂਬੇ ਦਾ ਨਾਂ ਰੌਸ਼ਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦਾ ਮੁੱਖ ਮਕਸਦ ਪੰਜਾਬ ਨੂੰ ਸਿੱਖਿਆ ਖੇਤਰ ’ਚ ਮੋਹਰੀ ਬਣਾਉਣਾ ਹੈ। ਉਨ੍ਹਾਂ ਇਸ ਗੱਲ ’ਤੇ ਬਹੁਤ ਮਾਣ ਅਤੇ ਤਸੱਲੀ ਪ੍ਰਗਟ ਕੀਤੀ ਕਿ ਇਸ ਪਹਿਲਕਦਮੀ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ ਅਤੇ ਸੂਬੇ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ’ਚ ਆਪਣੀ ਕਾਬਲੀਅਤ ਦਾ ਸਬੂਤ ਦੇ ਰਹੇ ਹਨ। ਮਾਨ ਨੇ ਭਰੋਸਾ ਦਿੱਤਾ ਕਿ ਪੰਜਾਬ ਨੌਜਵਾਨਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿੱਦਿਅਕ ਸੁਧਾਰਾਂ ਨੂੰ ਲਾਗੂ ਕਰਨਾ ਜਾਰੀ ਰੱਖੇਗਾ।