ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐੱਸ.ਐੱਮ.ਏ.ਐੱਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਭੇਜੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ agrimachinerypb.com ‘ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐੱਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ।ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐੱਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।
ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐੱਮ.ਐੱਸ.ਐੱਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।