ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਜੰਗਲਾਤ ਵਿਭਾਗ ਦੇ 378 ਕੱਚੇ ਕਾਮਿਆਂ ਦੀਆਂ ਨੌਕਰੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਸਾਲਾਂ ਤੋਂ ਇਹ ਕਰਮਚਾਰੀ ਘੱਟ ਤਨਖ਼ਾਹਾਂ ‘ਤੇ ਅਤੇ ਬਿਨਾਂ ਕਿਸੇ ਮਿਹਨਤਾਨੇ ਦੇ ਕੰਮ ਕਰ ਰਹੇ ਸਨ। ਉਕਤ ਫ਼ੈਸਲਾ ਉਨ੍ਹਾਂ ਸਾਰੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ਅਤੇ ਰਾਹਤ ਭਰਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਕਾਮਿਆਂ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ। ਜੰਗਲਾਤ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਸਾਰੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੀ ਕੈਬਨਿਟ ਮੀਟਿੰਗ ‘ਚ ਜੰਗਲਾਤ ਵਿਭਾਗ ਦੇ 378 ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜੋ ਰੋਜ਼ਾਨਾ ਦਿਹਾੜੀ ‘ਤੇ ਕੰਮ ਕਰ ਰਹੇ ਸਨ।
ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖ਼ੁਸ਼ੀ ਹੋ ਰਹੀ ਹੈ। ਮੰਤਰੀ ਕਟਾਰੂਚੱਕ ਨੇ ਇਸ ਲਈ ਰਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਰੁਜ਼ਗਾਰ ਵਿਰੋਧੀ ਅਤੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਸਥਾਈ ਨਹੀਂ ਕੀਤੀਆਂ ਜਾ ਸਕੀਆਂ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਅੱਜ ਅਸੀਂ ਉਨ੍ਹਾਂ ਨੂੰ ਨਿਯਮਤ ਕਰਨ ਵਿੱਚ ਸਫ਼ਲ ਹੋਏ ਹਾਂ।