ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਉਨ੍ਹਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿਚ ਇੱਕ ਅਹਿਮ ਕਦਮ ਹਨ।