ਲੁਧਿਆਣਾ : ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਅੱਜ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਿਨਾਂ, ਸਾਨੂੰ ਆਜ਼ਾਦੀ ਦਿੱਤੀ ਅਤੇ ਸਾਡੇ ਦੇਸ਼ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਮਹਾਤਮਾ ਗਾਂਧੀ, ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭਭਾਈ ਪਟੇਲ, ਪੰਡਿਤ ਜਵਾਹਰ ਲਾਲ ਨਹਿਰੂ, ਡਾ. ਰਾਜੇਂਦਰ ਪ੍ਰਸਾਦ ਅਤੇ ਲੱਖਾਂ ਭਾਰਤੀਆਂ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਸੀ। ਅੱਜ ਅਸੀਂ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਾਂ।
ਇਸ ਮੌਕੇ ਰਾਜਪਾਲ ਵੱਲੋਂ ਟੈਂਕਾਂ ਦੀ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿਚ 17 ਵਿਸ਼ੇਸ਼ ਝਾਕੀਆਂ ਦਿਖਾਈਆਂ ਜਾ ਰਹੀਆਂ ਹਨ। ਪਹਿਲੀ ਵਾਰ, ਫੌਜੀ ਜਵਾਨ ਸਮਾਰੋਹ ਵਿਚ ਮਾਰਸ਼ਲ ਆਰਟਸ ਦਾ ਪ੍ਰਦਰਸ਼ਨ ਕਰ ਰਹੇ ਹਨ। ਸਮਾਗਮ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਸ ਅਤੇ ਐੱਨ.ਸੀ.ਸੀ. ਦੀਆਂ ਵੱਖ-ਵੱਖ ਟੁਕੜੀਆਂ ਹਿੱਸਾ ਲੈ ਰਹੀਆਂ ਹਨ। ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿਚ 1500 ਦੇ ਕਰੀਬ ਪੁਲਸ ਜਵਾਨ ਤਾਇਨਾਤ ਹਨ।