ਚੰਡੀਗੜ੍ਹ/ਹੁਸ਼ਿਆਰਪੁਰ, 21 ਅਪ੍ਰੈਲ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜ਼ੋਰ ਦੇ ਕੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ਾਖੋਰੀ ਦੇ ਖਾਤਮੇ ਲਈ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਜ਼ਮੀਨੀ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ।
ਇਸ ਸਮਾਜਿਕ ਲਾਹਨਤ ਨੂੰ ਠੱਲ੍ਹ ਪਾਉਣ ਲਈ ਹੁਸ਼ਿਆਰਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਮਾਮਲਿਆਂ ਵਿੱਚ 91 ਫੀਸਦੀ ਨੂੰ ਸਜ਼ਾਵਾਂ ਹੋਣ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਵਿੱਤ ਮੰਤਰੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਨਸ਼ਿਆਂ ਦਾ ਮੁਕੰਮਲ ਸਫਾਇਆ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਅਪਣਾਇਆ ਹੈ ਅਤੇ ਸਾਂਝੇ ਯਤਨਾਂ ਅਤੇ ਪ੍ਰਭਾਵਸ਼ਾਲੀ ਅਮਲ ਨਾਲ ਇਸ ਸਮਾਜਿਕ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕਦਾ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੁੱਕੇ ਗਏ ਠੋਸ ਕਦਮਾਂ ਬਾਰੇ ਚਾਨਣਾ ਪਾਇਆ। ਸ. ਚੀਮਾ ਨੇ ਕਿਹਾ ਕਿ ਨਸ਼ੇ ਨਾਲ ਸਬੰਧਤ ਕੇਸਾਂ ਵਿੱਚ 91% ਦੀ ਸ਼ਲਾਘਾਯੋਗ ਸਜ਼ਾ ਦਰ ਦੇ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਾਨਦਾਰ ਕੋਸ਼ਿਸ਼ਾਂ ਕੀਤੀਆਂ ਹਨ ਜਿਸ ਤਹਿਤ ਹੁਣ ਤੱਕ 179 ਐਫਆਈਆਰ ਦਰਜ ਕਰਦਿਆਂ 271 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਮੁਹਿੰਮ ਦੀ ਕਾਮਯਾਬੀ ਲਈ ਲੋਕਾਂ ਦੀ ਲੋੜੀਂਦੀ ਹਿੱਸੇਦਾਰੀ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਇਸ ਲੜਾਈ ਵਿੱਚ ਇੱਕ ਅਹਿਮ ਪਹਿਲੂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਸੇਫ ਪੰਜਾਬ ਮੁਹਿੰਮ’ ਤਹਿਤ ਨਾਗਰਿਕਾਂ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ ‘ਤੇ ਜਿਲ੍ਹੇ ਵਿੱਚ 17 ਐਫ.ਆਈ.ਆਰ. ਦਰਜ਼ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਯੋਗ ਖੁਫੀਆ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾਂਦੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ ‘ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਮਹੱਤਵਪੂਰਨ ਗਤੀ ਫੜੀ ਹੈ, ਜਿਸ ਤਹਿਤ 527 ਸੰਪਰਕ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ 970 ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਯਤਨਾਂ ਸਦਕਾ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ ‘ਤੇ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 442 ਪਿੰਡਾਂ ਦੀਆਂ ਪੰਚਾਇਤਾਂ ਨੇ ਇਸ ਨਸ਼ਾ ਵਿਰੋਧੀ ਪਹਿਲਕਦਮੀ ਦੀ ਹਮਾਇਤ ਕਰਨ ਲਈ ਮਤੇ ਪਾਸ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 18 ਪ੍ਰਮੁੱਖ ਹੌਟਸਪੌਟਸ ਦੀ ਪਛਾਣ ਕੀਤੀ ਹੈ ਅਤੇ ਅੰਤਰਰਾਜੀ ਨਸ਼ਿਆਂ ਦੇ ਧੰਦੇ ਨੂੰ ਰੋਕਣ, ਖਾਸਕਰ ਗੁਆਂਡੀ ਸੂਬੇ ਹਿਮਾਚਲ ਤੋਂ, ਲਈ ਨਿਗਰਾਨੀ ਨੂੰ ਮਜ਼ਬੂਤ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਹਿਮਾਚਲ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੇ ਨੈਟਵਰਕ ਨੂੰ ਖਤਮ ਕਰਨ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅਕਾਲੀ-ਭਾਜਪਾ ਸ਼ਾਸਨ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲੜਾਈ ਲੜ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਨਸ਼ਾ ਤਸਕਰਾਂ ਨੂੰ ਜਾਂ ਤਾਂ ਪੰਜਾਬ ਜਾਂ ਫਿਰ ਇਹ ਧੰਦਾ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਪੰਜਾਬ ਦੇ ਭਵਿੱਖ ਨੂੰ ਨਸ਼ੀਲੇ ਪਦਾਰਥਾਂ ਦੇ ਚੁੰਗਲ ਤੋਂ ਮੁਕਤ ਕਰਨ ਲਈ ਆਪਣੀ ਵਚਨਬੱਧਤਾ ‘ਤੇ ਅਡੋਲ ਹੈ, ਤਾਂ ਜੋ ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਕੱਲ੍ਹ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਵਿੱਤ ਮੰਤਰੀ ਨੂੰ ਜ਼ਿਲ੍ਹੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਚੱਬੇਵਾਲ ਨੇ ਵੀ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਤਾਂ ਜੋ ਨਸ਼ਾ ਮੁਕਤ ਪੰਜਾਬ ਦੇ ਕਾਰਜ ਨੂੰ ਸਹੀ ਮਾਅਨਿਆਂ ਵਿੱਚ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਲਾਇਨ ਪਾਬਲਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹੁਸ਼ਿਆਰਪੁਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।