ਲੁਧਿਆਣਾ, 27 ਜੂਨ – ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਸੂਰਮਾ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਨਸ਼ਿਆਂ ਦੀ ਲਤ ਛੱਡ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਖਾਸ ਅੰਗੂਠੀ ਪਹਿਨਾਈ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਮਾਤ ਦੇਣ ਵਾਲੇ ਨੌਜਵਾਨ ਅਸਲ ਮਾਇਨੇ ਵਿੱਚ ਸੂਰਮੇ ਹਨ, ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਭ ਤੋਂ ਵੱਡੀ ਲੜਾਈ ਜਿੱਤੀ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਨਸ਼ਿਆਂ ਤੋਂ ਬਾਹਰ ਆਏ ਇਹ ਨੌਜਵਾਨ ਹੋਰਾਂ ਲਈ ਪ੍ਰੇਰਣਾ ਬਣ ਸਕਦੇ ਹਨ।
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਮੁੜ ‘ਰੰਗਲਾ ਪੰਜਾਬ’ ਵੱਲ ਵੱਧ ਰਿਹਾ ਹੈ ਅਤੇ ਨਸ਼ਿਆਂ ਦੇ ਦਾਗ ਨੂੰ ਖਤਮ ਕਰਨ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ ਮਾਹੌਲ ਤਿਆਰ ਕਰ ਸਕਦੀ ਹੈ, ਪਰ ਅਸਲੀ ਬਦਲਾਅ ਨੌਜਵਾਨਾਂ ਦੀ ਸੋਚ ਨਾਲ ਆਵੇਗਾ।
ਉਨ੍ਹਾਂ ਖੇਡਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਰਸਤਾ ਦੱਸਦੇ ਹੋਏ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਜਿਮ ਅਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਆਪਣੀ ਤਾਕਤ ਨੂੰ ਸਹੀ ਦਿਸ਼ਾ ਦੇ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਅਤੇ ਰੁਜ਼ਗਾਰ ‘ਤੇ ਸਰਕਾਰ ਦਾ ਖਾਸ ਧਿਆਨ ਹੈ। ਉਨ੍ਹਾਂ ਮੁਤਾਬਕ ਚੰਗੀ ਸਿੱਖਿਆ ਹੀ ਗਰੀਬੀ ਦੂਰ ਕਰਨ ਦਾ ਸਭ ਤੋਂ ਵੱਡਾ ਹਥਿਆਰ ਹੈ।

