ਚੰਡੀਗੜ੍ਹ–ਸੂਬੇ ਵਿੱਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਿਛਲੇ 10 ਮਹੀਨਿਆਂ ਵਿੱਚ 7686 ਐਫ.ਆਈ.ਆਰਜ਼. ਦਰਜ ਕਰਕੇ 153 ਵੱਡੀਆਂ ਮੱਛੀਆਂ ਸਮੇਤ 10524 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਗੌਰਵ ਯਾਦਵ ਨੇ ਦਿੱਤੀ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਲਾਹਣਤ ਨਾਲ ਨਜਿੱਠਣ ਲਈ ਬਹੁਪੱਖੀ ਪਹੁੰਚ ਅਪਣਾਉਂਦਿਆਂ ਵੱਡੀਆਂ ਮੱਛੀਆਂ ‘ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਪਿੰਡਾਂ ਅਤੇ ਮੁਹੱਲਿਆਂ ਸਮੇਤ ਵਿਕਰੀ ਸਥਾਨ ‘ਤੇ ਹੀ ਨਸ਼ਾ ਵੇਚਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਸਾਲ 2024 ਵਿੱਚ ਨਸ਼ਿਆਂ ਦੀ ਬਰਾਮਦਗੀ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਨਸ਼ਿਆਂ ਦੀ ਵਿਕਰੀ ਵਾਲੇ ਸੰਭਾਵਿਤ ਰੂਟਾਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ‘ਚੋਂ 790 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ 860 ਕਿਲੋ ਅਫੀਮ, 367 ਕੁਇੰਟਲ ਭੁੱਕੀ, 93 ਕਿਲੋ ਚਰਸ, 724 ਕਿਲੋ ਗਾਂਜਾ, 19 ਕਿਲੋ ਆਈ.ਸੀ.ਈ. ਅਤੇ 2.90 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਭਰ ਵਿੱਚ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 13.62 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।