ਚੰਡੀਗੜ੍ਹ/ਫਰੀਦਕੋਟ : ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਫਰੀਦਕੋਟ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਸਿੰਘ ਅਤੇ ਓਂਕਾਰ ਸਿੰਘ ਵਜੋਂ ਹੋਈ ਹੈ। ਦੋਵਾਂ ਵਿਰੁੱਧ ਪਹਿਲਾਂ ਤੋਂ ਕਈ ਮਾਮਲੇ ਦਰਜ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ ਪਿਸਤੌਲ (.30 ਬੋਰ) ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਵਿਸ਼ਾਲ ਸਿੰਘ, ਜੋ ਹਾਲ ਹੀ ਵਿਚ ਜ਼ਮਾਨਤ ‘ਤੇ ਰਿਹਾਅ ਹੋਇਆ ਸੀ, ਇਕ ਵਿਰੋਧੀ ਗੈਂਗ ਮੈਂਬਰ ਨੂੰ ਖ਼ਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਉਹ ਆਪਣੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿਚ ਸੀ ਅਤੇ ਪੰਜਾਬ ਵਿਚ ਇਕ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।