ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਅੰਮ੍ਰਿਤਸਰ ਵਿੱਚ ਇੱਕ ਵੱਡੇ ਗੈਰਕਾਨੂੰਨੀ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਹੈਂਡ ਗ੍ਰੇਨੇਡ ਅਤੇ 12 ਗੈਰਕਾਨੂੰਨੀ ਪਿਸਤੌਲਾਂ ਬਰਾਮਦ ਕੀਤੀਆਂ ਹਨ।
ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਇੱਕ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਅਤੇ ਵਿਦੇਸ਼ ਵਿੱਚ ਸਰਗਰਮ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਥਿਆਰਾਂ ਅਤੇ ਵਿਸਫੋਟਕਾਂ ਦੀ ਇਹ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖਰਾਬ ਕਰਨ ਦੇ ਮਕਸਦ ਨਾਲ ਭੇਜੀ ਗਈ ਸੀ।
ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸੰਬੰਧਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪੁਲਿਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਸਾਰੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ।

