ਤਰਨਤਾਰਨ – ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ ‘ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਲੋਕਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਬੀਤੇ ਕੁਝ ਦਿਨ ਤੋਂ ਦੋ ਧਿਰਾਂ ਵਿਚ ਝਗੜਾ ਚੱਲ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਨੂੰ ਪੁਲਸ ਵੱਲੋਂ ਸਮਾਂ ਦੇ ਦਿੱਤਾ ਗਿਆ। ਬੁੱਧਵਾਰ ਦੇਰ ਰਾਤ ਜਦੋਂ ਦੋਵਾਂ ਪਾਰਟੀਆਂ ਵਿਚ ਫਿਰ ਤੋਂ ਤਕਰਾਰ ਹੋਇਆ ਤਾਂ ਪੁਲਸ ਪਾਰਟੀ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ। ਇਸ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੁੱਜੇ। ਦੋਵਾਂ ਧਿਰਾਂ ਵਿਚ ਚੱਲ ਰਹੇ ਝਗੜੇ ਨੂੰ ਸ਼ਾਂਤ ਕਰਵਾਉਣ ਦੌਰਾਨ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ।
ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲ਼ੀ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੁਲਸ ਪਾਰਟੀ ਵੱਲੋਂ ਹਮਲਾਵਰਾਂ ਨੂੰ ਜਦੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਪੁਲਸ ਮੁਲਾਜ਼ਮਾਂ ਉੱਪਰ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।