ਚੰਡੀਗੜ੍ਹ/ਅੰਮ੍ਰਿਤਸਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ। ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।
ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ ।ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ ।