ਆਗਾਮੀ ਸੁਤੰਤਰਤਾ ਦਿਵਸ ਨੂੰ ਲੈ ਕੇ ਪੰਜਾਬ ਪੁਲਿਸ ਸਖ਼ਤ ਦਿਖਾਈ ਦੇ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਗੌਰਵ ਯਾਦਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਸੂਬੇ ’ਚ ਅੱਜ ਤਲਾਸ਼ੀ ਅਭਿਆਨ ਚਲਾਇਆ ਗਿਆ। ਸਮਾਜ ਵਿਰੋਧੀ ਅੰਸਰਾਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ ਗਈ। ਇਹ ਮੁਹਿੰਮ 28 ਜ਼ਿਲ੍ਹਿਆਂ ’ਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਚਲਾਈ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਨਾਲ-ਨਾਲ ਸ਼ੱਕੀ ਲੋਕਾਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ’ਤੇ 31 ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ’ਚ ਲਿਆ ਗਿਆ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਦੀ ਨਿਗਰਾਨੀ ਹੇਠ ਹੋਈ ਤਲਾਸ਼ੀ ਅਭਿਆਨ ਦੀ ਜਾਣਕਾਰੀ ਦਿੰਦਿਆਂ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ-ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਰੇਲਵੇ ਸਟੇਸ਼ਨਾਂ ਦੇ ਨਾਲ-ਨਾਲ ਰੇਲਵੇ ਦੀ ਪਾਰਕਿੰਗ ਅਤੇ ਆਲੇ ਦੁਆਲੇ ਦੀਆਂ ਪਾਰਕਿੰਗਜ਼ ’ਚ ਵੀ ਪੁਲਿਸ ਵੱਲੋਂ ਵਾਹਨਾਂ ਦਾ ਜਾਇਜ਼ਾ ਲਿਆ ਗਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਚਲਾਏ ਇਸ ਆਪਰੇਸ਼ਨ ਦੌਰਾਨ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ‘ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ।