ਚੰਡੀਗੜ੍ਹ – ਪੰਜਾਬ ਪੁਲਸ ਵੱਲੋਂ ਸੂਬੇ ਭਰ ’ਚ ਝਪਟਮਾਰੀ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ (ਹੌਟਸਪਾਟਸ) ’ਤੇ ਸੀ. ਸੀ. ਟੀ. ਵੀ.) ਕੈਮਰਿਆਂ ਦੀ ਵਰਤੋਂ ਕਰਕੇ ਪੂਰੀ ਨਿਗਰਾਨੀ ਰੱਖੀ ਜਾਵਗੀ। ਇਹ ਐਲਾਨ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਚੱਲ ਰਹੀ ਲੜਾਈ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਫੀਲਡ ਅਧਿਕਾਰੀਆਂ ਅਤੇ ਆਪ੍ਰੇਸ਼ਨਲ ਵਿੰਗਾਂ ਦੇ ਮੁਖੀਆਂ ਨਾਲ ਪੀ. ਏ. ਪੀ. ਕੰਪਲੈਕਸ ਜਲੰਧਰ ਵਿਖੇ ਰਾਜ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਸੁਚੱਜੇ ਢੰਗ ਨਾਲ ਹਰ ਮੌਕੇ ਦੀ ਨਿਗਰਾਨੀ ਕਰਨ ਲਈ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ’ਤੇ ਸੀ. ਸੀ. ਟੀ. ਵੀ. ਕੰਟਰੋਲ ਰੂਮ ਸਥਾਪਤ ਕੀਤੇ ਜਾ ਰਹੇ ਹਨ। ਇਹ ਕਦਮ ਪਿਛਲੇ ਤਿੰਨ ਸਾਲਾਂ ਦੌਰਾਨ ਅਜਿਹੇ ਅਪਰਾਧਿਕ ਹੌਟਸਪਾਟਸ ਅਤੇ ਨਸ਼ਾ ਵਿਕਰੀ ਹੌਟਸਪਾਟਸ ਦੀ ਕ੍ਰਾਈਮ ਹੌਟਸਪਾਟ ਮੈਪਿੰਗ ਤੋਂ ਬਾਅਦ ਚੁੱਕਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਛੋਟੇ ਅਪਰਾਧ ਰੋਕਣਾ ਪੰਜਾਬ ਪੁਲਸ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਫੀਲਡ ਅਫ਼ਸਰਾਂ ਨੂੰ ਇਸ ਕਾਰਵਾਈ ਨੂੰ ਹੋਰ ਪ੍ਰਭਾਵੀ ਬਣਾਉਣ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖ਼ਾਸ ਤੌਰ ’ਤੇ ਫਿਰੌਤੀ ਦੀਆਂ ਕਾਲਾਂ, ਝਪਟਮਾਰੀ, ਚੋਰੀਆਂ, ਠੱਗੀਆਂ ਅਤੇ ਨਸ਼ਾ ਵਿਕਰੀ ਵਾਲੀਆਂ ਥਾਵਾਂ ਨਾਲ ਨਜਿੱਠਣ ਲਈ ਸਾਰੀਆਂ ਵਿਧੀਆਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਕਮਿਸ਼ਨਰਾਂ/ਜ਼ਿਲ੍ਹਾ ਪੁਲਸ ਮੁਖੀਆਂ ਨੂੰ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਣ ਤੇ ਡਰੱਗ ਸਪਲਾਇਰਾਂ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਜੁਟਾਈ ਸੰਪਤੀ ਨੂੰ ਫਰੀਜ਼ ਕਰਨ ਲਈ ਐੱਨ. ਡੀ. ਪੀ. ਐੱਸ. ਦੀ ਧਾਰਾ 68ਐੱਫ਼ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਹੁਕਮ ਦਿੱਤੇ । ਉਨ੍ਹਾਂ ਨੇ ਅਪਰਾਧੀਆਂ ਦਾ ਕੱਚਾ ਚਿੱਠਾ (ਹਿਸਟਰੀ ਸ਼ੀਟ) ਤਿਆਰ ਕਰਨ, ਹਿੰਸਕ ਅਪਰਾਧਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ, ਨਿਗਰਾਨੀ ਵਧਾਉਣ, ਅਪਰਾਧਾਂ ਦੀ ਪਛਾਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਤੇ ਨਸ਼ਾ ਤਸਕਰਾਂ ਦੀਆਂ ਸੰਪਤੀਆਂ ਨੂੰ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।