ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਤਿਹਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਅੰਨਗੜ੍ਹ ਦੇ ਰਹਿਣ ਵਾਲੇ ਰਣਬੀਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਭਾਰਤੀ ਅਤੇ ਵਿਦੇਸ਼ੀ ਕਰੰਸੀ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਇੱਕ ਐਚਪੀ ਲੈਪਟਾਪ, ਜਿਸ ਵਿੱਚ ਲੈਣ-ਦੇਣ ਦੇ ਰਿਕਾਰਡ ਸ਼ਾਮਲ ਹਨ, ਵੀ ਬਰਾਮਦ ਕੀਤਾ ਹੈ । ਇਹ ਸਫ਼ਲਤਾ ਸ਼ੁੱਕਰਵਾਰ ਨੂੰ ਪਿੰਡ ਹਰਦੋ ਰਤਨ ਨੇੜੇ ਮੁਲਜ਼ਮ ਗੁਰਸਾਹਿਬ ਸਿੰਘ ਅਤੇ ਜਸਵੰਤ ਸਿੰਘ ਨੂੰ 561 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਸਬੰਧੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।
ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ (ਡੀਆਈਜੀ) ਬਾਰਡਰ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਸੁਖਜੀਤ ਸਿੰਘ ਅਤੇ ਰਣਬੀਰ ਸਿੰਘ ਨਾਮੀ ਦੋ ਹਵਾਲਾ ਆਪਰੇਟਰਾਂ ਅਤੇ ਹੋਰ ਡਰੱਗ ਸਪਲਾਈ ਚੇਨਾਂ ਨਾਲ ਆਪਣੇ ਸਬੰਧਾਂ ਦਾ ਖੁਲਾਸਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਦੀਆਂ ਕਾਰਵਾਈਆਂ ਵਿੱਚ ਸਹਾਇਤਾ ਕਰ ਰਹੇ ਸਨ।