ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪਾਰਟੀ ਅੱਜ ਦੁਪਹਿਰ 12 ਵਜੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਪਾਰਟੀ ਦੀ ਪੋਲੀਟੀਕਲ ਅਫੇਅਰਜ਼ ਕਮੇਟੀ (PAC) ਦੀ ਮੀਟਿੰਗ ਤੋਂ ਬਾਅਦ ਇਸ ਦਾ ਐਲਾਨ ਕੀਤਾ ਸੀ।
ਹਾਲਾਂਕਿ, ਉਮੀਦਵਾਰਾਂ ਦੇ ਨਾਵਾਂ ’ਤੇ ਅੰਤਿਮ ਮੋਹਰ ਲਾਉਣ ਲਈ ਸ਼ਨੀਵਾਰ ਨੂੰ PAC ਦੀ ਇੱਕ ਹੋਰ ਮੀਟਿੰਗ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪਹਿਲੀ ਸੂਚੀ ਵਿੱਚ ਲਗਭਗ 15 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਸਰਕਾਰ ਦੇ ਮੰਤਰੀ, ਲਗਾਤਾਰ ਦੋ ਵਾਰ ਵਿਧਾਇਕ ਰਹਿ ਚੁੱਕੇ ਆਗੂ ਅਤੇ ਹਾਲ ਹੀ ਵਿੱਚ ਹਲਕਾ ਇੰਚਾਰਜ ਬਣਾਏ ਗਏ ਆਗੂ ਸ਼ਾਮਲ ਹੋ ਸਕਦੇ ਹਨ।
ਹਾਲਾਂਕਿ, ਮੁੱਖ ਮੰਤਰੀ ਜਾਂ ਪਾਰਟੀ ਲੀਡਰਸ਼ਿਪ ਵੱਲੋਂ ਸੰਭਾਵੀ ਉਮੀਦਵਾਰਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।
30 ਤੋਂ 40 ਵਿਧਾਇਕਾਂ ਦੀਆਂ ਟਿਕਟਾਂ ਕੱਟਣ ਦੀ ਚਰਚਾ
AAP ਦੀ ਟਿਕਟ ਵੰਡ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਵੱਡੇ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਵਿੱਚ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਰਟੀ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਕੇ ਨਵੇਂ ਚਿਹਰਿਆਂ ਨੂੰ ਮੌਕਾ ਦੇ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਅੰਦਰੂਨੀ ਸਰਵੇਖਣ ਅਤੇ ਜ਼ਮੀਨੀ ਫੀਡਬੈਕ ਦੇ ਆਧਾਰ ’ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕਦੀ ਹੈ। ਹਾਲਾਂਕਿ, ਵਿਧਾਇਕਾਂ ਦੀਆਂ ਟਿਕਟਾਂ ਕੱਟਣ ਬਾਰੇ AAP ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ।
ਪਾਰਟੀ ਲੀਡਰਸ਼ਿਪ ਮੁਤਾਬਕ, ਉਮੀਦਵਾਰਾਂ ਦੀ ਚੋਣ ਸਮੇਂ ਖੇਤਰੀ ਸਮੀਕਰਨਾਂ, ਲੋਕਾਂ ਵਿੱਚ ਪ੍ਰਸਿੱਧੀ, ਵਿਧਾਇਕਾਂ ਦੇ ਕੰਮਕਾਜ ਅਤੇ ਜਥੇਬੰਦੀ ਤੋਂ ਮਿਲੇ ਫੀਡਬੈਕ ਨੂੰ ਅਹਿਮੀਅਤ ਦਿੱਤੀ ਜਾ ਸਕਦੀ ਹੈ।
ਇਸ ਵੇਲੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ 94 ’ਤੇ AAP ਦੇ ਵਿਧਾਇਕ ਹਨ। ਅਜਿਹੇ ਵਿੱਚ 2027 ਦੀਆਂ ਚੋਣਾਂ ਵਿੱਚ ਪਾਰਟੀ ਸਾਹਮਣੇ ਸੱਤਾ ਬਰਕਰਾਰ ਰੱਖਣ ਦੀ ਵੱਡੀ ਚੁਣੌਤੀ ਹੋਵੇਗੀ।
ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ ਲਿਆ ਜਾ ਰਿਹੈ ਫੀਡਬੈਕ
AAP ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਜ਼ਮੀਨੀ ਫੀਡਬੈਕ ਇਕੱਠਾ ਕਰਨ ਦੀ ਵਿਵਸਥਾ ਤਿਆਰ ਕੀਤੀ ਹੈ। ਇਸ ਤਹਿਤ ਹਰ ਵਿਧਾਨ ਸਭਾ ਹਲਕੇ ਵਿੱਚ ਛੇ ਸੈਕਟਰ ਇੰਚਾਰਜ ਨਿਯੁਕਤ ਕੀਤੇ ਗਏ ਹਨ।
ਇਹ ਇੰਚਾਰਜ ਸਰਕਾਰ ਦੀਆਂ ਯੋਜਨਾਵਾਂ, ਪਾਰਟੀ ਦੇ ਕੰਮਕਾਜ ਅਤੇ ਵਿਧਾਇਕਾਂ ਦੀ ਲੋਕਪ੍ਰਿਅਤਾ ਬਾਰੇ ਲੋਕਾਂ ਦੀ ਰਾਏ ਇਕੱਠੀ ਕਰ ਰਹੇ ਹਨ। ਇਸੇ ਫੀਡਬੈਕ ਦੇ ਆਧਾਰ ’ਤੇ ਉਮੀਦਵਾਰਾਂ ਦੀ ਚੋਣ ਦੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਜਾਣੋ, ਕੇਜਰੀਵਾਲ ਦੇ ਘਰ ਹੋਈ ਮੀਟਿੰਗ ਵਿੱਚ ਕੀ ਹੋਇਆ
ਸ਼ੁੱਕਰਵਾਰ ਨੂੰ ਦਿੱਲੀ ਵਿੱਚ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ।
ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਆਗੂ ਸਤਿੰਦਰ ਜੈਨ ਅਤੇ ਜੈਸਮੀਨ ਸ਼ਾਹ ਸ਼ਾਮਲ ਹੋਏ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।
ਇਸ ਦੌਰਾਨ ਪਾਰਟੀ ਦੇ ਅੰਦਰੂਨੀ ਸਰਵੇਖਣ, ਮੰਤਰੀਆਂ-ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਪਿਛਲੇ ਰਿਕਾਰਡ ਬਾਰੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸਰਵੇਖਣ ਵਿੱਚ ਆਗੂਆਂ ਦੀ ਸਥਿਤੀ ਅਤੇ ਜਥੇਬੰਦੀ ਤੋਂ ਮਿਲੇ ਫੀਡਬੈਕ ਦੇ ਆਧਾਰ ’ਤੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ ਕੀਤਾ ਗਿਆ।
ਹੁਣ ਸਾਰਿਆਂ ਦੀਆਂ ਨਜ਼ਰਾਂ PAC ਦੀ ਮੀਟਿੰਗ ਅਤੇ AAP ਦੀ ਪਹਿਲੀ ਉਮੀਦਵਾਰ ਸੂਚੀ ’ਤੇ ਟਿਕੀਆਂ ਹੋਈਆਂ ਹਨ।

