ਜਗਰਾਉਂ ‘ਚ ਸਕੂਲ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਸੀ ਅਤੇ ਨਾਲ ਹੀ ਦੋ ਹੋਰ ਵਿਦਿਆਰਥੀ ਜ਼ਖ਼ਮੀ ਹੋਏ ਸੀ। ਇਸੇ ਮਾਮਲੇ ’ਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਐਕਸ਼ਨ ਦੇ ਮੌਡ ’ਚ ਦਿਖਾਈ ਦੇ ਰਿਹਾ ਹੈ। ਦਰਅਸਲ ਵਿਭਾਗ ਨੇ ਇਸ ਮਾਮਲੇ ’ਚ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਾਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ।
ਇਸ ਮਾਮਲੇ ਸੰਬੰਧੀ ਜਾਣਕਾਰੀ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ ‘ਚ ਸਕੂਲੀ ਬੱਸ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ। ਸਕੂਲ ਬੱਸਾਂ ਦੀਆਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਾਰੀਆਂ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ। ਚੇਅਰਮੈਨ ਨੇ ਅੱਗੇ ਦੱਸਿਆ ਕਿ ਜਗਰਾਉਂ ‘ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸੀਨੀਅਰ ਪੁਲਿਸ ਕਪਤਾਨ ਨੂੰ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਸਕੂਲ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਰਿਪੋਰਟ 8 ਅਗਸਤ 2024 ਤੱਕ ਮੰਗੀ ਗਈ ਹੈ।