ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ ਅੱਜ (3 ਨਵੰਬਰ) 801 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਤੋਹਫ਼ਾ ਦਿੱਤਾ ਜਾਵੇਗਾ। ਇਸ ਸਬੰਧੀ ਮੋਹਾਲੀ ਦੇ ਵਿਕਾਸ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਰਕਾਰ ਵੱਲੋਂ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ, ਇਨ੍ਹਾਂ 801 ਨੌਜਵਾਨਾਂ ਦੀਆਂ ਨਿਯੁਕਤੀਆਂ 10 ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ। ਇਸ ਪਹਿਲਕਦਮੀ ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਯਤਨਾਂ ਨੂੰ ਅੱਗੇ ਵਧਾ ਰਹੀ ਹੈ।
ਹੁਣ ਤੱਕ 71,777 ਨੌਜਵਾਨਾਂ ਨੂੰ ਮਿਲ ਚੁੱਕੀਆਂ ਸਰਕਾਰੀ ਨੌਕਰੀਆਂ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣਾ ਉਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਰਿਹਾ ਹੈ। ਸਰਕਾਰ ਨੇ ਇਸ ਨੂੰ ਆਪਣੀਆਂ ਪ੍ਰਮੁੱਖ ਗਾਰੰਟੀਆਂ ਵਿੱਚੋਂ ਇੱਕ ਦੱਸਿਆ ਹੈ।
ਸਰਕਾਰੀ ਅੰਕੜਿਆਂ ਮੁਤਾਬਕ, ਸਾਲ 2022 ਤੋਂ ਹੁਣ ਤੱਕ ਪੰਜਾਬ ਦੇ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ 801 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲਣ ਤੋਂ ਬਾਅਦ ਇਹ ਗਿਣਤੀ ਵਧ ਕੇ 72,578 ਹੋ ਜਾਵੇਗੀ।
ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਹੈ ਅਤੇ ਕਿਸੇ ਵੀ ਭਰਤੀ ਪ੍ਰਕਿਰਿਆ ‘ਤੇ ਸਵਾਲ ਨਹੀਂ ਉੱਠੇ ਹਨ।

