ਵੀਰਵਾਰ ਨੂੰ PSPCL ਦਫਤਰ ਫੋਕਲ ਪੁਆਇੰਟ ਬਟਾਲਾ ਜ਼ਿਲ੍ਹਾ ਗੁਰਦਾਸਪੁਰ ’ਚ ਤਾਇਨਾਤ ਇੱਕ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜਪੁਰਾ ਤਹਿਸੀਲ ਬਟਾਲਾ ਵੱਲੋਂ ਦਰਜ਼ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਦੇ ਬਦਲੇ 5000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ ।
ਫਿਲਹਾਲ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ਼0 ਕੀਤਾ ਗਿਆ ਹੈ। ਮੁਲਜ਼ਮ ਨੂੰ ਹੁਣ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ ।