Monday, July 21, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼...

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

 

ਚੰਡੀਗੜ੍ਹ, 25 ਜੂਨ:

ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ।

ਸ. ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।

ਗੁਣਵੱਤਾ ਕੰਟਰੋਲ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕਰਦਿਆਂ ਖੇਤੀਬਾੜੀ ਮੰਤਰੀ ਨੇ ਟੀਚਿਆਂ ਤੋਂ ਪਛੜਨ ਅਤੇ ਮਾੜੇ ਪ੍ਰਦਰਸ਼ਨ ਵਾਲੇ ਜ਼ਿਲ੍ਹਿਆਂ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਡਿਫਾਲਟਰ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕਰਨ ਅਤੇ ਖੇਤੀਬਾੜੀ ਸਮੱਗਰੀ ਦੀ ਸੈਂਪਲਿੰਗ ਪ੍ਰਕਿਰਿਆ ਦੀ ਹਫ਼ਤਾਵਾਰੀ ਸਮੀਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਣਵੱਤਾ ਕੰਟਰੋਲ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ/ਕਰਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਗੁਣਵੱਤਾ ਕੰਟਰੋਲ ਨੂੰ ਬਣਾਈ ਰੱਖਣ ਲਈ  ਡਾ. ਬਸੰਤ ਗਰਗ ਨੇ ਖੇਤੀਬਾੜੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਜਿਲ੍ਹਿਆਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਖੇਤੀਬਾੜੀ ਉਤਪਾਦਾਂ ਦੀ ਬਾਕਾਇਦਾ ਸੈਂਪਲਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਖੇਤੀਬਾੜੀ ਡਾਇਰੈਕਟਰ ਨੂੰ ਸਮੇਂ ਸਿਰ ਦਖ਼ਲ ਅਤੇ ਸੁਧਾਰਾਤਮਕ ਕਾਰਵਾਈਆਂ ਰਾਹੀਂ ਗੁਣਵੱਤਾ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਨਿਰੰਤਰ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਕੀਟਨਾਸ਼ਕਾਂ ਦੇ 826 ਨਮੂਨਿਆਂ ਵਿੱਚੋਂ 16 ਗਲਤ ਬ੍ਰਾਂਡਿੰਗ ਵਾਲੇ ਪਾਏ ਗਏ। ਇਸ ਦੇ ਨਾਲ ਹੀ ਖਾਦ ਦੇ 737 ਨਮੂਨਿਆਂ ਵਿੱਚੋਂ 11 ਘਟੀਆ ਮਿਆਰ ਦੇ ਪਾਏ ਗਏ, ਜਿਸ ਦੇ ਚਲਦਿਆਂ 2 ਐਫਆਈਆਰ ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੀਜਾਂ ਦੇ 2,113 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 49 ਗੁਣਵੱਤਾ ਮਾਪਦੰਡਾਂ ‘ਤੇ ਖ਼ਰੇ ਨਹੀਂ ਉਤਰੇ। ਉਨ੍ਹਾਂ ਦੱਸਿਆ ਕਿ ਇਹ ਨਮੂਨੇ 1 ਅਪ੍ਰੈਲ, 2025 ਤੋਂ ਹੁਣ ਤੱਕ ਲਏ ਗਏ ਹਨ ਅਤੇ ਦੋਸ਼ੀ ਡੀਲਰਾਂ ਅਤੇ ਫਰਮਾਂ ਵਿਰੁੱਧ ਢੁਕਵੀਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਡਾਇਰੈਕਟਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਬਣਾਈਆਂ ਹਨ ਤਾਂ ਜੋ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਖੇਤੀਬਾੜੀ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੀ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।