ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਜਾਰੀ ਹੈ। ਮੀਟਿੰਗ ਵਿੱਚ ਆਗੂਆਂ ਨੇ ਰਾਹੁਲ ਗਾਂਧੀ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣ ਦੀ ਅਪੀਲ ਕੀਤੀ ਹੈ। ਸੂਤਰਾਂ ਮੁਤਾਬਕ ਰਾਹੁਲ ਨੂੰ ਵਿਰੋਧੀ ਧਿਰ ਦਾ ਨੇਤਾ ਨਿਯੁਕਤ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਅਤੇ ਕੇਰਲ ਦੇ ਵਾਇਨਾਡ ਤੋਂ ਲੋਕ ਸਭਾ ਚੋਣਾਂ ਜਿੱਤੀਆਂ ਹਨ। ਸੀਡਬਲਯੂਸੀ ਦੀ ਬੈਠਕ ਤੋਂ ਬਾਅਦ, ਕਾਂਗਰਸ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸੀਡਬਲਯੂਸੀ ਦੀ ਇੱਛਾ ਸੀ ਕਿ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਨੇਤਾ ਚੁਣਿਆ ਜਾਵੇ।
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਅਲਾਪੁਝਾ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਸੀਡਬਲਯੂਸੀ ਨੇ ਸਰਬਸੰਮਤੀ ਨਾਲ ਰਾਹੁਲ ਗਾਂਧੀ ਜੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦੀ ਅਪੀਲ ਕੀਤੀ ਹੈ।
ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਅਜਿਹੇ ਵਿਅਕਤੀ ਹਨ ਜੋ ਸੰਸਦ ਵਿੱਚ ਪ੍ਰਧਾਨ ਮੰਤਰੀ ਨੂੰ ਜਵਾਬ ਦੇ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਸੰਭਾਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਸਦ ‘ਚ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ। ਹਾਂ, ਅਸੀਂ ਚਾਹੁੰਦੇ ਹਾਂ ਕਿ ਦੇਸ਼ ਨੂੰ ਅਜਿਹਾ ਚਿਹਰਾ ਮਿਲੇ ਜੋ ਪ੍ਰਧਾਨ ਮੰਤਰੀ ਨੂੰ ਜਵਾਬ ਦੇ ਸਕੇ। ਮੈਨੂੰ ਲੱਗਦਾ ਹੈ ਕਿ ਪੂਰਾ ਦੇਸ਼ ਇਹੀ ਚਾਹੁੰਦਾ ਹੈ।
ਫਿਲਹਾਲ ਰਾਹੁਲ ਗਾਂਧੀ ਨੇ ਵਰਕਿੰਗ ਕਮੇਟੀ ਮੈਂਬਰਾਂ ਦੇ ਵਿਚਾਰ ਸੁਣੇ ਅਤੇ ਕਿਹਾ ਕਿ ਉਹ ਇਸ ਸਬੰਧੀ ਜਲਦੀ ਹੀ ਕੋਈ ਫੈਸਲਾ ਲੈਣਗੇ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਉਨ੍ਹਾਂ ਰਾਜਾਂ ਦੇ ਨਤੀਜਿਆਂ ‘ਤੇ ਵੀ ਚਰਚਾ ਕੀਤੀ ਗਈ ਜਿੱਥੇ ਪਾਰਟੀ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ।