ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਸ਼ਨੀਵਾਰ ਤੜਕੇ ਜ਼ਮੀਨ ਖਿਸਕਣ ਦੀ ਘਟਨਾ ਵਾਪਰ ਗਈ। ਇਸ ਘਟਨਾ ਦੌਰਾਨ ਇੱਕ ਪਰਿਵਾਰ ਦੇ ਸੱਤ ਮੈਂਬਰਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਘਟਨਾ ਦੀ ਸੂਚਨਾ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਹੋਰ ਦੇ ਬਦਰ ਪਿੰਡ ਵਿੱਚ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ ਕਾਰਨ ਇੱਕ ਘਰ ਢਹਿ ਗਿਆ।
ਉਨ੍ਹਾਂ ਕਿਹਾ ਕਿ ਪਰਿਵਾਰ ਦੇ ਲਾਪਤਾ ਮੈਂਬਰਾਂ ਦੀ ਭਾਲ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਰ ਦਾ ਮਾਲਕ ਨਜ਼ੀਰ ਅਹਿਮਦ, ਉਸਦੀ ਪਤਨੀ ਅਤੇ ਪੰਜ ਨਾਬਾਲਗ ਪੁੱਤਰ ਲਾਪਤਾ ਹਨ ਅਤੇ ਉਨ੍ਹਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਆਫ਼ਤ ਪ੍ਰਬੰਧਨ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਜਾਰੀ ਹਨ। ਇਹ ਜ਼ਮੀਨ ਖਿਸਕਣ ਦੀ ਘਟਨਾ ਮਾਹੋਰ ਤਹਿਸੀਲ ਦੇ ਭੱਦਰ ਪਿੰਡ ਵਿੱਚ ਵਾਪਰੀ। ਪਿੰਡ ਵਿੱਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਸੀ, ਜਿਸ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ।