Monday, April 7, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjab’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873...

’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਰੱਖੇ ਗਏ

ਚੰਡੀਗੜ੍ਹ, 5 ਅਪ੍ਰੈਲ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।

ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਠੇਕੇਦਾਰਾਂ ਦੀ ਜਵਾਬਦੇਹੀ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕੇਦਾਰ ਬਣਾਈਆਂ ਗਈਆਂ ਸੜਕਾਂ ‘ਤੇ ਸਿਰਫ ਇੱਕ ਸਾਲ ਦੀ ਵਾਰੰਟੀ ਲਈ ਜਵਾਬਦੇਹ ਸੀ ਪਰ ਹੁਣ ਪੰਜ ਸਾਲਾਂ ਦੀ ਮਿਆਦ ਲਈ ਸੜਕਾਂ ਦੇ ਰੱਖ-ਰਖਾਅ ਅਤੇ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਠੇਕੇਦਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਇੱਕ ਤੀਜੀ ਧਿਰ ਵੱਲੋਂ ਇੰਨ੍ਹਾਂ ਕੰਮਾਂ ਦਾ ਆਡਿਟ ਕੀਤਾ ਜਾਵੇਗਾ ਅਤੇ ਕਿਸੇ ਵੀ ਗੜਬੜ ਦੇ ਨਤੀਜੇ ਵਜੋਂ ਫੰਡਾਂ ਦੀ ਰਿਕਵਰੀ ਕਰਨ ਦੇ ਨਾਲ-ਨਾਲ ਉਸ ਠੇਕੇਦਾਰ ਨੂੰ ਕਾਲੀ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਕਿਸੇ ਤਰ੍ਹਾਂ ਦੀ ਗੜਬੜੀ ਲਈ ਇਨ੍ਹਾਂ ਪ੍ਰੋਜੈਕਟਾਂ ਦੀ ਨਿਗਰਾਨੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਦੀ ਵੀ ਜਵਾਬਦੇਹੀ ਵੀ ਤੈਅ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 27 ਮਾਰਚ ਨੂੰ ਪਾਸ ਕੀਤੇ ਗਏ ਵਿੱਤੀ ਸਾਲ 2025-26 ਦੇ ਬੱਜਟ ਵਿੱਚ ਸੂਬੇ ਦੀਆਂ ਸਾਰੀਆਂ ਟੁੱਟੀਆਂ ਪੇਂਡੂ ਲਿੰਕ ਸੜਕਾਂ ਨੂੰ ਮੁੜ ਬਣਾਉਣ ਦਾ ਵਾਅਦਾ ਵੀ ਸ਼ਾਮਲ ਹੈ।  ਉਨ੍ਹਾਂ ਕਿਹਾ ਕਿ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਜਾਂ ਅਪਗ੍ਰੇਡ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇਗਾ।

ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿੱਚ ਹੀ ਅਜਿਹੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਭਰੋਸਾ ਦਿਵਾਇਆ ਕਿ ਮੌਜੂਦਾ ਸਰਕਾਰ ਜਲਦੀ ਨਤੀਜੇ ਦੇਣ ਪ੍ਰਤੀ ਸਮਰਪਿਤ ਹੈ। ਉਨ੍ਹਾਂ ਵਿਰੋਧੀ ਧਿਰ ਦੇ ਸ਼ੰਕਿਆਂ ਨੂੰ ਵੀ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਜਟ ਦੀ ਮਨਜ਼ੂਰੀ ਤੋਂ ਬਾਅਦ ਤੇਜ਼ੀ ਨਾਲ ਟੈਂਡਰ ਜਾਰੀ ਕਰਨਾ ‘ਆਪ’ ਦੀ ਅਗਵਾਈ ਵਾਲੀ ਸਰਕਾਰ ਦੀ ਖਾਲੀ ਵਾਅਦਿਆਂ ਦੀ ਬਜਾਏ ਕਾਰਵਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਿਹਤਰ ਪੇਂਡੂ ਸੜਕਾਂ ਮੁਸ਼ਕਲ ਰਹਿਤ ਸਫ਼ਰ ਯਕੀਨੀ ਬਨਾਉਣ, ਖੇਤੀ ਉਪਜ ਦੇ ਮੰਡੀਕਰਨ ਨੂੰ ਤੇਜ਼ ਕਰਨ ਅਤੇ ਪੰਜਾਬ ਦੀ ਆਰਥਿਕਤਾ ਵਿੱਚ ਨਵੀਂ ਊਰਜਾ ਪਾਉਣਗੀਆਂ।

ਇਥੇ ਵਰਨਣਯੋਗ ਹੈ ਕਿ ‘ਬਦਲਦਾ ਪੰਜਾਬ’ ਬਜਟ ਵਿੱਚ ਵਿੱਤੀ ਸਾਲ 2025-26 ਲਈ ਪੰਜਾਬ ਮੰਡੀ ਬੋਰਡ ਦੁਆਰਾ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਹ ਮਹੱਤਵਪੂਰਨ ਨਿਵੇਸ਼ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਬਦਲਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ।