Become a member

Get the best offers and updates relating to Liberty Case News.

― Advertisement ―

spot_img
spot_img
HomeBig News19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ...

19000 ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 800 ਕਰੋੜ ਰੁਪਏ ਜਮ੍ਹਾਂ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ

ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ

ਮੰਤਰੀ ਵੱਲੋਂ ਮੰਡੀਆਂ ਦਾ ਨਿੱਜੀ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ

ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦੇਣ ਦੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ, ਝੋਨੇ ਦੇ ਖਰੀਦ ਸੀਜ਼ਨ 2026-27 ਨੂੰ ਨਿਰਵਿਘਨ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦਾ ਸਪੱਸ਼ਟ ਸਬੂਤ ਇਹ ਹੈ ਕਿ ਹੁਣ ਤੱਕ 19222 ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 800 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਉਹ 10 ਜ਼ਿਲ੍ਹਿਆਂ – ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਕਪੂਰਥਲਾ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਨਿੱਜੀ ਤੌਰ ਉੱਤੇ ਜਾਇਜ਼ਾ ਲੈ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਕਿਸੇ ਵੀ ਕਿਸਾਨ ਜਾਂ ਖਰੀਦ ਸੀਜ਼ਨ ਨਾਲ ਸੰਬੰਧਿਤ ਕਿਸੇ ਵੀ ਹੋਰ ਧਿਰ ਵੱਲੋਂ ਇੱਕ ਵੀ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨਾਂ ਨੂੰ 24 ਘੰਟਿਆਂ ਦੀ ਨਿਰਧਾਰਿਤ ਸਮਾਂ-ਸੀਮਾ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ, ਇਹ ਯਕੀਨੀ ਬਣਾਉਣ ਲਈ ਕਿ ਬਾਹਰੀ ਰਾਜਾਂ ਤੋਂ ਕੋਈ ਝੋਨਾ ਮੰਡੀਆਂ ਵਿੱਚ ਨਾ ਆਵੇ, ਸਾਰੇ ਅੰਤਰ-ਰਾਜੀ ਨਾਕਿਆਂ ‘ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅੱਜ ਜਲਾਲਾਬਾਦ ਵਿਖੇ ਕਥਿਤ ਤੌਰ ਤੇ ਹਰਿਆਣਾ ਨਾਲ ਸਬੰਧਤ ਇੱਕ ਵਿਅਕਤੀ ਨੂੰ ਪੰਜਾਬ ਤੋਂ ਬਾਹਰੋਂ ਝੋਨਾ ਲਿਆਉਂਦਿਆਂ ਫੜਿਆ ਗਿਆ ਹੈ। ਵਿਭਾਗੀ ਪੱਧਰ ‘ਤੇ ਜਾਂਚ ਚੱਲ ਰਹੀ ਹੈ ਅਤੇ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵਰਤਮਾਨ ਖਰੀਦ ਪ੍ਰਕਿਰਿਆ ਦੀ ਤੇਜ਼ ਰਫ਼ਤਾਰ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ ਦੀ ਸ਼ਲਾਘਾ ਕਰਦਿਆਂ, ਮੰਤਰੀ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਖਰੀਦ ਦੀ ਰਫ਼ਤਾਰ ਵਿੱਚ ਕਦੇ ਵੀ ਕਮੀ ਨਾ ਆਵੇ।

ਮੰਤਰੀ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ ਸੁੱਕੀ ਫ਼ਸਲ ਲਿਆਉਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਨੂੰ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ, ਜਿਸ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਵਿਭਾਗ ਨੇ 5.09 ਲੱਖ ਬਾਰਦਾਨੇ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਹੈ। ਇਸ ਤੋਂ ਇਲਾਵਾ, ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਡਿਪਟੀ ਡਾਇਰੈਕਟਰ ਖੁਰਾਕ (ਖਰੀਦ) ਗੀਤਾ ਬਿਸ਼ੰਭੂ, ਅਤੇ ਜਨਰਲ ਮੈਨੇਜਰ (ਵਿੱਤ) ਸਰਵੇਸ਼ ਕੁਮਾਰ ਹਾਜ਼ਿਰ ਸਨ।