ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਇੱਕ ਨਵਾਂ ਵਿਵਾਦਤ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਇੱਕ ਕੰਕਾਲ ਨੂੰ ਨੀਲੀ ਪੱਗ ਬੰਨ੍ਹ ਕੇ ਅਤੇ ਜੁੱਤੀਆਂ ਸਮੇਤ ਪਵਿੱਤਰ ਪਰਿਕਰਮਾ ਅਤੇ ਲੰਗਰ ਹਾਲ ਵਿੱਚ ਦਿਖਾਇਆ ਗਿਆ ਹੈ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ
ਇਹ ਵੀਡੀਓ ਲਗਭਗ 1.36 ਮਿੰਟ ਦੀ ਹੈ ਅਤੇ ਇਸਨੂੰ ਇੰਸਟਾਗ੍ਰਾਮ ‘ਤੇ ‘ਐਨਾਟੋਮੀ ਕਰਾਊਨ’ (Anatomy Crown) ਨਾਮ ਦੇ ਅਕਾਊਂਟ ਤੋਂ ਅਪਲੋਡ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਕੰਕਾਲ ਵੱਲੋਂ 7 ਦਿਨ ਅੰਮ੍ਰਿਤਸਰ ਦੇ ਵੱਖ-ਵੱਖ ਸਥਾਨਾਂ ਦਾ ਦੌਰਾ ਕੀਤਾ ਗਿਆ ਹੈ। ਕਦੀ ਕੰਕਾਲ ਨੂੰ ਲੱਸੀ ਪੀਂਦੇ ਦਿਖਾਇਆ ਹੈ, ਢਾਬੇ ਤੋਂ ਨਾਨ ਖਾਂਦੇ, ਖਰੀਦਦਾਰੀ ਕਰਦੇ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਵੀ ਵਿਖਾਇਆ ਹੈ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਵੀਡੀਓ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਇਸ ਦੀ ਜਾਂਚ ਸ਼੍ਰੋਮਣੀ ਕਮੇਟੀ ਦੀ ਏ.ਆਈ. ਜਾਂਚ ਕਮੇਟੀ ਵੱਲੋਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਅਧਾਰ ‘ਤੇ ਸਬੰਧਤ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

