ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਅੱਜ ਵਿਧਾਇਕ ਵਜੋਂ ਸਹੁੰ ਚੁੱਕਣਗੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਸਹੁੰ ਚੁੱਕਣ ਲਈ ਸਵੇਰੇ 11 ਵਜੇ ਦਾ ਸਮਾਂ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸੰਜੀਵ ਅਰੋੜਾ ਨੇ ਆਪਣੇ ਪੂਰੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਮਿਲ ਕੇ ਬਹੁਤ ਖ਼ੁਸ਼ੀ ਹੋਈ।
ਸੰਜੀਵ ਅਰੋੜਾ ਨੂੰ ਛੇਤੀ ਹੀ ਪੰਜਾਬ ਕੈਬਨਿਟ ਵਿਚ ਮੰਤਰੀ ਵੀ ਬਣਾਇਆ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਦੌਰਾਨ ਹੀ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਚੋਣ ਨਤੀਜਿਆਂ ਤੋਂ ਬਾਅਦ ਸੰਜੀਵ ਅਰੋੜਾ ਨੂੰ 4-5 ਦਿਨਾਂ ਵਿਚ ਹੀ ਮੰਤਰੀ ਬਣਾਉਣ ਦੀ ਗੱਲ ਕਹੀ ਸੀ। ਇਸ ਲਈ ਅੱਜ ਸੰਜੀਵ ਅਰੋੜਾ ਵੱਲੋਂ ਵਿਧਾਇਕ ਵਜੋਂ ਸਹੁੰ ਚੁੱਕੇ ਜਾਣ ਮਗਰੋਂ ਛੇਤੀ ਹੀ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ