ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ Ravneet Singh Bittu ਖ਼ਿਲਾਫ਼ ਕਥਿਤ ਜਾਤੀਸੂਚਕ ਟਿੱਪਣੀ ਮਾਮਲੇ ਵਿੱਚ ਸਖ਼ਤ ਰੁਖ ਅਪਣਾਇਆ ਹੈ। ਕਮਿਸ਼ਨ ਨੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਦੋਸ਼ਾਂ ‘ਤੇ ਸੁਤੰਤਰ ਤੌਰ ‘ਤੇ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਪੰਜਾਬ ਰਾਜ ਐੱਸਸੀ ਕਮਿਸ਼ਨ ਦੇ ਚੇਅਰਮੈਨ Jasvir Singh Garhi ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਅਤੇ ਖ਼ਬਰਾਂ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ। ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀਸੂਚਕ ਅਤੇ ਅਪਮਾਨਜਨਕ ਸ਼ਬਦ ਵਰਤੇ ਗਏ ਸਨ।
ਜਾਣਕਾਰੀ ਮੁਤਾਬਕ ਇਹ ਵਿਵਾਦ ਧੂਰੀ ਵਿੱਚ ਨਗਰ ਨਿਗਮ ਚੋਣਾਂ ਦੇ ਮਾਹੌਲ ਦੌਰਾਨ ਸਾਹਮਣੇ ਆਇਆ। ਉਸ ਸਮੇਂ ਬਿੱਟੂ ਦੀ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਿੱਖੀ ਬਹਿਸ ਹੋਈ ਸੀ। ਦੋਸ਼ ਹੈ ਕਿ ਇਸ ਦੌਰਾਨ ਉਨ੍ਹਾਂ ਨੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਅਤੇ ਹੋਰ ਲੋਕਾਂ ਲਈ ਅਪਮਾਨਜਨਕ ਭਾਸ਼ਾ ਵਰਤੀ।
ਮਾਮਲਾ ਸੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਕਮਿਸ਼ਨ ਨੇ ਤੁਰੰਤ ਕਾਰਵਾਈ ਕਰਦਿਆਂ ਸੰਗਰੂਰ ਦੇ ਸੀਨੀਅਰ ਪੁਲਿਸ ਕਪਤਾਨ ਤੋਂ ਰਿਪੋਰਟ ਮੰਗ ਲਈ ਹੈ। ਕਮਿਸ਼ਨ ਨੇ ਵਾਇਰਲ ਵੀਡੀਓ ਅਤੇ ਖ਼ਬਰਾਂ ਦੇ ਲਿੰਕ ਪੁਲਿਸ ਪ੍ਰਸ਼ਾਸਨ ਨੂੰ ਭੇਜਦਿਆਂ ਪੂਰੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਐੱਸਸੀ ਕਮਿਸ਼ਨ ਨੇ ਜਾਂਚ ਰਿਪੋਰਟ ਜਮ੍ਹਾਂ ਕਰਵਾਉਣ ਲਈ 1 ਜੂਨ 2026 ਸਵੇਰੇ 9 ਵਜੇ ਤੱਕ ਦਾ ਸਮਾਂ ਦਿੱਤਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਐੱਸਪੀ ਹੈੱਡਕੁਆਰਟਰ ਸੰਗਰੂਰ ਰਾਹੀਂ ਪੂਰੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਤੈਅ ਕੀਤੀ ਜਾਵੇਗੀ।

