ਫਰੀਦਕੋਟ: ਫਰੀਦਕੋਟ ਵਿਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ, ਜਦਕਿ ਹੋਰ ਵਿਦਿਆਰਥੀ ਤੇ ਡਰਾਈਵਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।
ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੈਸ਼ਨਲ ਹਾਈਵੇਅ ‘ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਸਕੂਲ ਬੱਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥਣਾਂ ਤੇ ਬੱਸ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸੱਕੀਆਂ ਭੈਣਾਂ ਵੀ ਮੌਜੂਦ ਹਨ।
ਹਾਦਸੇ ਦੇ ਗਵਾਹਾਂ ਮੁਤਾਬਕ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਬਹੁਤ ਹੀ ਤੇਜ਼ ਰਫਤਾਰ ਨਾਲ ਜਾ ਰਹੀ ਸੀ ਤੇ ਉਸ ਨੇ ਨਿੱਜੀ ਸਕੂਲ ਦੀ ਬੱਸ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਟੱਕਰ ਦੇ ਦੌਰਾਨ ਸਕੂਲ ਬੱਸ ਵਿਚ 6 ਬੱਚੇ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਤਿੰਨ ਬੱਚੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਦੋ ਬੱਚੀਆਂ ਨੂੰ ਮਾਮੂਲੀ ਸੱਟਾਂ ਵੱਜੀਆਂ ਜਿਨ੍ਹਾਂ ਨੂੰ ਫਸਟ ਏਡ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ, ਜਦਕਿ ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਜਾਇਆ ਗਿਆ।